ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੀ ਅੱਜ ਲੁਧਿਆਣਾ ਇਸੜੂ ਭਵਨ ਵਿੱਚ ਇੱਕ ਅਹਿਮ ਬੈਠਕ ਹੋਈ ਜਿਸ ਵਿਚ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ 28 ਫਰਵਰੀ ਨੂੰ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਦਾ ਇਕ ਵਫਦ ਚੰਡੀਗੜ੍ਹ ਵਿੱਚ ਰਾਜਪਾਲ ਨੂੰ ਮਿਲੇਗਾ ਅਤੇ ਸੀਬੀਆਈ ਦੀ ਛਾਪੇਮਾਰੀ ਸਬੰਧੀ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਮੇਰੇ ਅਤੇ ਸਤਨਾਮ ਸਿੰਘ ਉੱਤੇ ਕੇਂਦਰੀ ਜਾਂਚ ਏਜੰਸੀ ਛਾਪੇਮਾਰੀ ਕਰ ਰਹੀ ਹੈ ਅਤੇ ਸੀਬੀਆਂ ਵੱਲੋਂ ਕਿਸਾਨ ਆਗੂਆਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।
ਕੋਝੀਆਂ ਚਾਲਾਂ ਦਾ ਨਹੀਂ ਖ਼ੌਫ਼: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਲੱਖੋਵਾਲ ਨੇ ਕਿਹਾ ਕਿ 20 ਮਾਰਚ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਐਮ ਐੱਸ ਪੀ ਨੂੰ ਲੈਕੇ ਧਰਨਾ ਦਿੱਤਾ ਜਾਣਾ ਹੈ ਜਿਸ ਕਰਕੇ ਸਾਨੂੰ ਟਾਰਗੇਟ ਕਰਕੇ ਸੀ ਬੀ ਆਈ ਦੀਆਂ ਛਾਪੇਮਾਰੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਗਵਰਨਰ ਨੂੰ ਮਿਲ ਕੇ ਇਸ ਸਬੰਧੀ ਮੁੱਦਾ ਚੁੱਕਾਂਗੇ ਅਤੇ ਜੇਕਰ ਉਨ੍ਹਾਂ ਨੇ ਵੀ ਇਸ ਮੁੱਦੇ ਦਾ ਸਾਡਾ ਕੋਈ ਹੱਲ ਨਾ ਕੀਤਾ ਤਾਂ ਜਥੇਬੰਦੀ ਦੇ ਸਾਰੇ ਆਗੂ ਆਪਸ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਅਖਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀਆਂ ਵਧੀਕੀਆਂ ਇਸੇ ਤਰ੍ਹਾਂ ਜਾਰੀ ਰਹੀਆਂ ਤਾਂ ਉਹ ਵੀ ਪਿੱਛੇ ਨਹੀਂ ਹਟਣਗੇ ਅਤੇ ਕੇਂਦਰ ਦਾ ਜੰਗੀ ਪੱਧਰ ਉੱਤੇ ਵਿਰੋਧ ਕਰਨ ਲਈ ਲਾਮਬੰਦ ਹੋਣਗੇ। ਉਨ੍ਹਾਂ ਕਿਹਾ ਕਿਸਾਨਾਂ ਨੂੰ ਕਮਜ਼ੋਰ ਕਰਨ ਅਤੇ ਇੱਕਜੁੱਟਤਾ ਨੂੰ ਤੋੜਨ ਲਈ ਕੇਂਦਰ ਸਰਕਾਰ ਨੇ ਪਹਿਲਾਂ ਵੀ ਕੋਝੀਆਂ ਚਾਲਾਂ ਚੱਲੀਆਂ ਨੇ ਪਰ ਕਿਸਾਨਾਂ ਨੇ ਹਰ ਵਾਰ ਕੇਂਦਰ ਦੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ।