ਲੁਧਿਆਣਾ: ਦਿੱਲੀ ਹਿੰਸਾ ਮਾਮਲੇ ਵਿੱਚ ਲੁਧਿਆਣਾ ਦੇ ਵਾਸੀ ਇਕਬਾਲ ਸਿੰਘ ਉੱਤੇ ਦਿੱਲੀ ਪੁਲਿਸ ਨੇ 50 ਹਜ਼ਾਰ ਦਾ ਇਨਾਮ ਰੱਖਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 26 ਤਰੀਖ ਨੂੰ ਰਿਹਾਅ ਹੋ ਕੇ ਲੰਘੀ ਦਿਨੀਂ ਲੁਧਿਆਣਾ ਪਹੁੰਚੇ ਸਨ। ਅੱਜ ਲੁਧਿਆਣਾ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਜਿੱਥੇ ਉਨ੍ਹਾਂ ਨੇ ਇਹ ਐਲਾਨ ਵੀ ਕੀਤਾ ਕਿ ਉਹ ਮੁੜ ਤੋਂ ਕਿਸਾਨੀ ਸੰਘਰਸ਼ ਵਿੱਚ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਗਦਾਰ ਕਹਿ ਗਿਆ ਹੈ ਜੋ ਕਿ ਇੱਕ ਗਲਤ ਇਲਜ਼ਾਮ ਅਤੇ ਧੱਬਾ ਹੈ ਉਨ੍ਹਾਂ ਨੇ ਕਿਹਾ ਸਰਦਾਰ ਦੇਸ਼ ਦੇ ਵਫ਼ਾਦਾਰ ਹਨ ਨਾ ਕਿ ਗੱਦਾਰ।
ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਉੱਤੇ ਦਬਾਅ ਵੀ ਪਾਇਆ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਗ੍ਰਿਫ਼ਤਾਰੀ ਆਪ ਦੇਣੀ ਪਈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਉਨ੍ਹਾਂ ਨੂੰ ਕੋਈ ਸਰੀਰਕ ਯਾਤਨਾ ਨਹੀਂ ਦਿੱਤੀ ਗਈ ਪਰ ਉਨ੍ਹਾਂ ਨਾਲ ਵੀ ਭੱਦਾ ਵਿਵਹਾਰ ਕੀਤਾ ਗਿਆ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਤਿੰਨ ਕਾਲੇ ਕਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਖਾਸ ਤੌਰ ਉੱਤੇ ਉਨ੍ਹਾਂ ਦੇ ਰਿਹਾਈ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹ ਸੁਧਾਰ ਹੋਣਾ ਚਾਹੀਦਾ ਹੈ ਪਰ ਇਹ ਜੇਲ੍ਹ ਵਿਗਾੜ ਘਰ ਹੈ। ਇੱਥੇ ਕੈਦੀ ਤਬਾਕੂ ਆਦਿ ਦੀ ਵਰਤੋਂ ਕਰਦੇ ਹਨ। ਜੋ ਕਿ ਸਹੀ ਨਹੀਂ ਹੈ।