ਗੁਰਦਾਸਪੁਰ:ਰਾਜ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਐਲਾਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਰਮਨ ਬਹਿਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਚਿਰਾਂ ਤੋਂ ਇਹ ਮੰਗ ਸੀ ਕਿ ਸਤਿਗੁਰੂ ਬਾਬਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਛੁੱਟੀ ਐਲਾਨ ਕੀਤੀ ਜਾਵੇ।
ਸਰਕਾਰ ਵੱਲੋਂ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ:ਬਹਿਲ ਨੇ ਦੱਸਿਆ ਕਿ ਇਸ ਸਬੰਧੀ ਸ਼ਰਧਾਲੂਆਂ ਦੇ ਇੱਕ ਵਫਦ ਨੇ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ। ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਇਸ ਮੰਗ ਦੀ ਪੂਰਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਦੀ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਐਲਾਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।