ਲੁਧਿਆਣਾ:ਅੱਜ ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਪੈਂਡਿੰਗ ਪ੍ਰਾਜੈਕਟਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਲੁਧਿਆਣਾ ਤੋਂ ਵਿਧਾਇਕ ਅਤੇ ਨਗਰ ਨਿਗਮ ਕਮਿਸ਼ਨਰ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਲੁਧਿਆਣਾ ਦੇ ਵਿਧਾਇਕਾਂ ਨੇ ਇਲਜ਼ਾਮ ਲਾਇਆ ਕਿ ਬੁੱਢੇ ਨਾਲੇ ਦੇ ਪ੍ਰੋਜੈਕਟ ਉਤੇ ਅਫਸਰਸ਼ਾਹੀ ਕੰਮ ਕਰਨ ਨੂੰ ਤਿਆਰ ਨਹੀਂ ਹੈ। ਜੋ ਨਾਜਾਇਜ਼ ਕਬਜ਼ੇ ਹਨ ਉਨ੍ਹਾ ਨੂੰ ਹਟਾਇਆ ਨਹੀਂ ਜਾ ਰਿਹਾ, ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਕੰਟਰੋਲ ਬੋਰਡ ਬੁੱਢੇ ਨਾਲੇ ਵਿੱਚ ਸੁੱਟੇ ਜਾ ਰਹੇ ਕੂੜੇ ਉਤੇ ਠੱਲ ਪਾਉਣ ਵਿੱਚ ਨਾਕਾਮ ਸਾਬਿਤ ਹੋ ਰਹੇ ਹਨ, ਜਿਸ ਕਾਰਨ ਬੁੱਢੇ ਨਾਲੇ ਦਾ ਕੰਮ ਠੱਪ ਪਿਆ ਹੈ। ਇਸ ਸਬੰਧੀ ਲੁਧਿਆਣਾ ਦੇ ਵਿਧਾਇਕਾਂ ਨੇ ਵੀ ਮੀਟਿੰਗ ਵਿੱਚ ਹੰਗਾਮਾ ਕੀਤਾ ਅਤੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਕੰਮ ਨਹੀਂ ਹੋ ਸਕਦਾ।
ਮਾਮਲੇ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ :ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਕੰਮ ਬੇਸ਼ੱਕ ਮਾਮਲਾ ਲਟਕਿਆ ਹੋਇਆ ਹੈ ਪਰ ਇਸ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੀਵਰੇਜ ਕੰਟਰੋਲ ਬੋਰਡ 'ਤੇ ਵੀ ਸਵਾਲ ਖੜ੍ਹੇ ਕੀਤੇ, ਦੂਜੇ ਪਾਸੇ ਲੁਧਿਆਣਾ ਤੋਂ ਵਿਧਾਇਕ ਕੁਲਵੰਤ ਸਿੱਧੂ ਨੇ ਵੀ ਕਿਹਾ ਕਿ ਜਿਨ੍ਹਾਂ ਅਫਸਰਾਂ ਨੂੰ ਬਰਖਾਸਤ ਕੀਤਾ ਗਿਆ ਸੀ, ਉਹ ਫਿਰ ਤੋਂ ਆ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਬਕਾਇਆ ਪਏ ਕੰਮਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।