ਲੁਧਿਆਣਾ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ 'ਤੇ ਸਿਆਸਤ ਗਰਮਾਈ ਹੋਈ ਹੈ। 23 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੀਫ ਇੰਜਨੀਅਰ ਜੋ ਕਿ ਪੰਜਾਬ ਦਾ ਹੁੰਦਾ ਹੈ ਦੇ ਅਹੁਦੇ ਨੂੰ ਸਮਾਪਤ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਬੁਰੀ ਤਰ੍ਹਾਂ ਗਰਮਾ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਪਾਰਟੀਆਂ ਦੇ ਨਿਸ਼ਾਨੇ ਤੇ ਆ ਗਈ ਹੈ।
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਵਿੱਚ ਡੀਸੀ ਦਫ਼ਤਰਾਂ ਅੱਗੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਬੀਬੀਐੱਮਬੀ (BBMB) ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਾ ਰਹੇ ਹਨ। ਇਸੇ ਦੇ ਤਹਿਤ ਲੁਧਿਆਣਾ ਦੇ ਵਿੱਚ ਵੀ ਵਿਧਾਨ ਸਭਾ ਹਲਕਾ ਸੈਂਟਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵੱਡੀ ਤਾਦਾਦ ਵਿਚ ਫੋਰਸ ਵੀ ਤਾਇਨਾਤ ਕੀਤੀ ਗਈ ਸੀ।