ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਵਿਜੇ ਸਿੰਗਲਾ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਹਾਲਾਂਕਿ ਆਮ ਆਦਮੀ ਪਾਰਟੀ ਦੀ ਸ਼ਲਾਘਾ ਹੋ ਰਹੀ ਹੈ ਜਦੋਂ ਕਿ ਦੂਜੇ ਪਾਸੇ ਕਾਂਗਰਸ ਦੇ ਵਿਚਕਾਰ ਫਿਰ ਤੋਂ ਨਵੀਂ ਸਿਆਸੀ ਜੰਗ ਛਿੜ ਚੁੱਕੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਮੰਤਰੀਆਂ ਦੀ ਸੂਚੀ ਹੈ ਜੋ ਭ੍ਰਿਸ਼ਟਾਚਾਰ ’ਚ ਉਨ੍ਹਾਂ ਦੀ ਸਰਕਾਰ ਵੇਲੇ ਲਿਪਤ ਸਨ।
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਰਹੇ ਸੁਖਜਿੰਦਰ ਰੰਧਾਵਾ ਨੇ ਇਸ ਟਵੀਟ ਦੇ ਜਵਾਬ ’ਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਖੁਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਆਉਣ ਵਾਲੀਆਂ ਸੰਗਰੂਰ ਜ਼ਿਮਨੀ ਚੋਣਾਂ ਵਿਚ ਵੀ ਮੁੱਦਾ ਭਾਰੀ ਰਹਿਣ ਵਾਲਾ ਹੈ ਇਸ ਗੱਲ ਦੇ ਵਿੱਚ ਕੋਈ ਦੋ ਰਾਇ ਨਹੀਂ ਹੈ।
ਕੈਪਟਨ-ਰੰਧਾਵਾ ਦੀ ਟਵੀਟ ਵਾਰ: ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਤਿੰਨ ਮਹੀਨੇ ਕਾਂਗਰਸ ਦੀ ਸਰਕਾਰ ਰਹੀ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਰਹੇ। ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦਾ ਹੱਥ ਫੜ ਲਿਆ। ਇਸ ਦੌਰਾਨ ਉਹ ਉਨ੍ਹਾਂ ਵਿਧਾਇਕਾਂ ਦੀਆਂ ਤਸਵੀਰਾਂ ਜਨਤਕ ਕਰਦੇ ਰਹੇ ਜਿੰਨ੍ਹਾਂ ਨੂੰ ਕਰੋੜਾਂ ਰੁਪਏ ਦੀ ਉਨ੍ਹਾਂ ਦੀ ਗਰਾਂਟ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਿਹਾ ਹੈ ਕਿ ਉਨ੍ਹਾਂ ਕੋਲ ਅਜਿਹੇ ਮੰਤਰੀਆਂ ਦੀ ਲਿਸਟ ਹੈ ਜੋ ਭ੍ਰਿਸ਼ਟਾਚਾਰ ਵਿੱਚ ਲਿਪਤ ਸਨ। ਉੱਥੇ ਹੀ ਦੂਜੇ ਪਾਸੇ ਸੁੱਖੀ ਰੰਧਾਵਾ ਨੇ ਵੀ ਇਸ ਦਾ ਠੋਕਵਾਂ ਜਵਾਬ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਨਾਂ ਜਨਤਕ ਕਰੇ ਜਾਂਚ ਸੀਐਮ ਭਗਵੰਤ ਮਾਨ ਖੁਦ ਕਰਵਾ ਲੈਣਗੇ।
ਕਾਂਗਰਸ ਤੋਂ ਭਾਜਪਾ ਤੇ ਆਪ ’ਚ ਆਏ ਲੀਡਰਾਂ ਦੀ ਮੰਗ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਾਦਾਦ ਅੰਦਰ ਕਾਂਗਰਸ ਦੇ ਲੀਡਰ ਆਪਣੀ ਪਾਰਟੀ ਛੱਡ ਕੇ ਨਾਲ ਸਿਰਫ਼ ਭਾਜਪਾ ’ਚ ਸ਼ਾਮਿਲ ਹੋਏ ਸਗੋਂ ਆਮ ਆਦਮੀ ਪਾਰਟੀ ਚ ਵੀ ਸ਼ਾਮਿਲ ਹੋਏ। ਕਾਂਗਰਸ ਦੇ ਸਾਬਕਾ ਚੇਅਰਮੈਨ ਰਹੇ ਅਮਰਜੀਤ ਟਿੱਕਾ ਵੱਲੋਂ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਮਾਮਲੇ ’ਤੇ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਤਾਂ ਸਿਰਫ ਇੱਕ ਫ਼ੀਸਦੀ ਹੀ ਭ੍ਰਿਸ਼ਟਾਚਾਰ ਵਿੱਚ ਲਿਪਤ ਸੀ ਪਰ ਸਾਡੇ ਵੇਲੇ ਤਾਂ ਮੰਤਰੀਆਂ ਨੇ ਗੱਫੇ ਖਾਧੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮੰਤਰੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੂਜੇ ਪਾਸੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੁਧਿਆਣਾ ਪੱਛਮੀ ਤੋਂ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਕਾਂਗਰਸ ਦੀ ਸਰਕਾਰ ਵੇਲੇ ਘਪਲੇ ਹੋਏ ਸਨ ਇਸ ਗੱਲ ਵਿੱਚ ਕੋਈ ਦੋ ਰਾਇ ਨਹੀਂ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿੱਧਾ ਨਾ ਲੈ ਕੇ ਬੋਲਦਾ ਹਾਂ ਜਿੰਨ੍ਹਾਂ ਨੇ ਘਪਲੇ ਕੀਤੇ ਹਨ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ।