ਲੁਧਿਆਣਾ:ਪੰਜਾਬ ਵਿੱਚ ਇਸ ਸਮੇਂ ਬਹੁਤ ਸਾਰੇ ਵਗਰ ਆਪਣੀਆਂ ਮੰਗਾਂ ਨੂੰ ਲੈਕੇ ਧਰਨੇ ਉੱਤੇ ਹਨ ਪਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ 7 ਦਿਨਾਂ ਤੋਂ ਧਰਨਾ ਦੇ ਰਹੇ ਐਂਬੁਲੈਂਸ ਚਾਲਕਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਸਾਰੀਆਂ ਐਂਬੂਲੈਂਸਾਂ ਨੂੰ ਕਬਜ਼ੇ ਵਿੱਚ ਲੈਣ ਦੇ ਹੁਮਕ ਜਾਰੀ ਕਰ ਦਿੱਤੇ ਹਨ।
ਡਟੇ ਰਹਿਣਗੇ ਪ੍ਰਦਰਸ਼ਨਕਾਰੀ :ਦੂਜੇ ਪਾਸੇ ਸਰਕਾਰ ਦੇ ਇਸ ਐਕਸ਼ਨ ਦੀਆਂ ਖ਼ਬਰਾਂ ਸੁਣਨ ਤੋਂ ਬਾਅਦ ਐਂਬੂਲੈਂਸ ਚਾਲਕਾਂ ਨੇ ਸਾਫ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਕੋਈ ਅਜਿਹੀ ਕਾਰਵਾਈ ਕਰੇਗਾ ਤਾਂ ਉਹ ਇਸਦਾ ਡਟਵਾਂ ਜਵਾਬ ਜ਼ਰੂਰ ਦੇਣਗੇ। ਐਂਬੂਲੈਂਸ ਚਾਲਕਾਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਇਸ ਦੇ ਬਾਵਜੂਦ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਉਹ ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਸਾਰੇ ਹੀ ਵਿਧਾਇਕਾਂ ਨੂੰ ਮੰਗ ਪੱਤਰ ਵੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਗੱਲ ਨਹੀਂ ਸੁਣੀ ਗਈ ਤਾਂ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।
ਪ੍ਰਦਰਸ਼ਨ ਖ਼ਤਮ ਕਰਨ ਦਾ ਦਬਾਅ: ਐਂਬੂਲੈਂਸ ਚਾਲਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਸਥਾਨਕ ਪ੍ਰਸ਼ਾਸਨ ਰਾਹੀਂ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਲਈ ਦਬਾਅ ਬਣਾ ਰਹੀ ਹੈ, ਜਦਕਿ ਪ੍ਰਸ਼ਾਸਨ ਨੇ ਕਿਹਾ ਹੈ ਕਿ ਤੁਹਾਡੀ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਉਦੋਂ ਕਰਵਾਈ ਜਾਏਗੀ ਜਦੋਂ ਤੁਸੀਂ ਧਰਨਾ ਪ੍ਰਦਰਸ਼ਨ ਖਤਮ ਕਰੋਗੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ, ਅਸੀਂ ਇਸ ਦਾ ਸਖਤ ਵਿਰੋਧ ਕਰਾਂਗੇ ਅਤੇ ਆਪਣੀਆਂ ਹੱਕੀ ਮੰਗਾਂ ਦੀ ਲੜਾਈ ਲੜਦੇ ਰਹਾਂਗੇ।