Close Relatives of Amritpal Arrested : ਅੰਮ੍ਰਿਤਪਾਲ ਦੇ ਕਰੀਬੀਆਂ ਨੂੰ ਲੁਧਿਆਣਾ ਤੋਂ ਕੀਤਾ ਗਿਆ ਗ੍ਰਿਫ਼ਤਾਰ, ਪੁਲਿਸ ਕਰ ਰਹੀ ਪੁੱਛਗਿੱਛ ਲੁਧਿਆਣਾ :ਪੁਲਿਸ ਨੂੰ ਝਕਾਨੀ ਦੇ ਕੇ ਫਰਾਰ ਹੋਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸਨੂੰ ਲੈ ਕੇ ਕੇਂਦਰ ਦੀਆਂ ਖ਼ੁਫ਼ੀਆ ਏਜੰਸੀਆਂ ਵੀ ਲਗਾਤਾਰ ਕੰਮ ਕਰ ਰਹੀਆਂ ਹਨ। ਇਹ ਵੀ ਜ਼ਿਕਰਯੋਗ ਹੈ ਕਿ ਲੰਘੇ ਸ਼ਨੀਵਾਰ ਤੋਂ ਅੰਮ੍ਰਿਤਪਾਲ ਦਾ ਹੁਣ ਤੱਕ ਪੁਲਿਸ ਨੂੰ ਕੋਈ ਪਤਾ ਟਿਕਾਣਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਹੁਣ ਅੰਮ੍ਰਿਤ ਪਾਲ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਵੀ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਲੁਧਿਆਣਾ ਪੁਲਿਸ ਵੱਲੋਂ ਵੀ 4 ਸ਼ੱਕੀ ਲੋਕਾਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਗਰਮਖ਼ਿਆਲੀ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਦੇ ਬਾਹਰ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਇਹ ਲੋਕ ਲਏ ਗਏ ਹਿਰਾਸਤ ਵਿੱਚ :ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ 4 ਸ਼ੱਕੀਆਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਪਰਾਧ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। 3 ਅਪ੍ਰੈਲ ਤੱਕ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਡੂੰਘਾਈ ਨਾਲ ਇਸ ਦੀ ਜਾਂਚ ਕਰ ਰਹੇ ਹਾਂ। ਇਨ੍ਹਾਂ ਵਿੱਚ ਹਨੀ ਸਿੰਗਲਾ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ :Amritpal Supporters Arrested: ਬਠਿੰਡਾ ਤੇ ਮਾਨਸਾ ਤੋਂ ਅੰਮ੍ਰਿਤਪਾਲ ਦੇ 70 ਸਮਰਥਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਏਡੀਸੀਪੀ ਨੇ ਕਿਹਾ ਕਿ ਫਿਲਹਾਲ ਅਸੀਂ ਇਹਨਾਂ ਦੇ ਲਿੰਕ ਪੜਤਾਲ ਰਹੇ ਹਾਂ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਜਾਰੀ ਹੈ ਅਤੇ ਹਾਲੇ ਕੋਈ ਖੁਲਾਸੇ ਨਹੀਂ ਹੋਏ ਹਨ। ਦੂਜੇ ਪਾਸੇ ਇਹ ਜਾਂਚ ਦਾ ਵਿਸ਼ਾ ਹੈ ਅਤੇ ਬਹੁਤ ਸਾਰੀਆਂ ਚੀਜਾਂ ਦੱਸੀਆਂ ਨਹੀਂ ਜਾ ਸਕਦੀਆਂ, ਕਿਉਂਕਿ ਇਨ੍ਹਾਂ ਕੋਲੋਂ ਅੱਗੇ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅਸੀ ਲੋਕਾਂ ਨੂੰ ਵੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਹੇ ਹਨ ਅਤੇ ਅਪਰਾਧ ਦੇ ਵਿੱਚ ਵੀ ਕੋਈ ਵੀ ਸ਼ਾਮਲ ਹੈ ਉਸ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਯਾਦ ਰਹੇ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 19 ਮਾਰਚ ਤੋਂ ਚਲਾਏ ਜਾ ਰਹੇ ਲਗਾਤਾਰ ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਹੁਣ ਤੱਕ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਨੌਜਵਾਨਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹੁਣ ਤੱਕ ਪੁਲਿਸ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਤੋਂ ਅੰਮ੍ਰਿਤਪਾਲ ਦੇ ਕਰੀਬ 70 ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।