ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਯੂਪੀ ਅਤੇ ਬਿਹਾਰ ਤੋਂ ਆ ਰਹੇ ਝੋਨੇ ਦੇ ਟਰੱਕਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਬੈਂਸ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਬਿੱਲ ਪਾਸ ਕਰਕੇ ਕਿਸਾਨ ਹਤੈਸ਼ੀ ਬਣ ਰਹੀ ਹੈ ਅਤੇ ਦੂਜੇ ਪਾਸੇ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਦਾ ਨਾਂਅ ਗੈਰਕਾਨੂੰਨੀ ਝੋਨੇ ਦੀ ਵਿਕਰੀ ਵਿੱਚ ਆ ਰਿਹਾ।
ਬਾਹਰਲੇ ਸੂਬਿਆਂ 'ਚੋਂ ਆਏ ਝੋਨੇ ਦੇ ਟਰੱਕਾਂ ਨੂੰ ਕੇ ਬੈਂਸ ਨੇ ਘੇਰੀ ਸਰਕਾਰ, ਆਸ਼ੂ ਨੇ ਦਿੱਤਾ ਜਵਾਬ
ਯੂਪੀ ਅਤੇ ਬਿਹਾਰ ਤੋਂ ਆ ਰਹੇ ਝੋਨੇ ਦੇ ਟਰੱਕਾਂ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨ ਹਿਤੈਸ਼ੀ ਬਣਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰ ਲੈਣ ਚਾਹੀਦਾ ਹੈ।
ਲੁਧਿਆਣਾ ਪ੍ਰੈਸ ਕਾਨਫਰੰਸ ਕਰਦਿਆਂ ਬੈਂਸ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਟਰੱਕਾਂ ਦੇ ਮਾਲਕ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ 'ਤੇ ਉਂਗਲ ਚੱਕ ਰਹੇ ਹਨ। ਬੈਂਸ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨ ਹਿਤੈਸ਼ੀ ਬਣਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰ ਲੈਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਵੀ ਮੁਲਜ਼ਮ ਪਾਇਆ ਜਾਂਦਾ ਹੈ ਭਾਵੇਂ ਉਹ ਮੰਤਰੀ ਹੀ ਕਿਉਂ ਨਾ ਹੋਵੇ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਪੰਜਾਬ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਝੋਨੇ ਦੇ ਆ ਰਹੇ ਟਰੱਕ ਨੂੰ ਜ਼ਬਤ ਕਰਕੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਆੜ੍ਹਤੀ ਅਤੇ ਸ਼ੈਲਰ ਮਾਲਕ ਨੇ ਇਹ ਟਰੱਕ ਮੰਗਵਾਏ ਹਨ, ਉਨ੍ਹਾਂ ਦਾ ਪਤਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਸ਼ੂ ਨੇ ਕਿਹਾ ਕਿ ਜਿਹੜੇ ਬਾਸਮਤੀ ਦੇ ਟਰੱਕ ਦੂਜੇ ਸੂਬਿਆਂ ਤੋਂ ਆ ਰਹੇ ਹਨ, ਉਹ ਸ਼ੁਰੂ ਤੋਂ ਆਉਂਦੇ ਹਨ। ਉਨ੍ਹਾਂ 'ਤੇ ਕਾਰਵਾਈ ਨਹੀਂ ਕੀਤੀ ਜਾਂਦੀ।