ਲੁਧਿਆਣਾ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਵਿੱਚ ਭਾਜਪਾ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ (Demand repeal of the law) ਨੂੰ ਲੈਕੇ ਕਿਸਾਨਾਂ ਵੱਲੋਂ ਸੂਬੇ ਦੇ ਵਿੱਚ ਭਾਜਪਾ ਦੇ ਸਮਾਗਮਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਕਿਸਾਨੀ ਅੰਦੋਲਨ ਦੇ ਚੱਲਦੇ ਹੀ ਕਿਸਾਨਾਂ ਵੱਲੋਂ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਨਾਲ ਚੰਡੀਗੜ੍ਹ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੇ ਵੱਲੋਂ ਸਿਆਸੀ ਪਾਰਟੀਆਂ ਸਾਹਮਣੇ ਪੰਜਾਬ ਦੇ ਵਿੱਚ ਰੈਲੀਆਂ ਨਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਜ਼ਰੂਰੀ ਮੁੱਦਿਆਂ ਨੂੰ ਲੈਕੇ ਸਿਆਸੀ ਪਾਰਟੀਆਂ ਦੇ ਨਾਲ ਚਰਚਾ ਕੀਤੀ ਗਈ ਹੈ।
ਕਿਸਾਨਾਂ ਵੱਲੋਂ ਕੀਤੀ ਗਈ ਇਸ ਮੀਟਿੰਗ ਨੂੰ ਲੈਕੇ ਭਾਜਪਾ ਦਾ ਕਿਸਾਨੀ ਅੰਦੋਲਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਆਗੂ ਅਨਿਲ ਸਰੀਨ ਨੇ ਇਸ ਅੰਦੋਲਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਇਸ ਗੱਲ ਨੂੰ ਪਹਿਲਾਂ ਵੀ ਕਹਿ ਰਹੇ ਸਨ ਕਿ ਅੰਦੋਲਨ ਸਿਆਸਤ ਤੋਂ ਪ੍ਰੇਰਿਤ ਹੈ ਪਰ ਜੋ ਕਿਸਾਨਾਂ ਵੱਲੋਂ ਸੂਬੇ ਦੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਹੈ ਇਸ ਨੇ ਉਨ੍ਹਾਂ ਦੀ ਗੱਲ ਨੂੰ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨੀ ਅੰਦੋਲਨ ਸਿਆਸਤ ਤੋਂ ਹੀ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਹਨ ਉਨ੍ਹਾਂ ਦੇ ਸਬੰਧ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਹਨ।