ਲੁਧਿਆਣਾ: ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਏਕੋਟ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਬਲਾਕ ਰਾਏਕੋਟ ਦੇ ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨਾਂ, ਆਗੂਆਂ ਤੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਜਿਸ ਤਹਿਤ ਹਾੜ੍ਹੀ ਸੀਜ਼ਨ ਮੁੱਕਣ ਤੋਂ ਬਾਅਦ ਕਿਸਾਨਾਂ ਦੇ ਵਿਸ਼ਾਲ ਜਥੇ ਦਿੱਲੀ ਮੋਰਚੇ 'ਤੇ ਭੇਜਣ ਸਬੰਧੀ ਵਿਉਂਤਬੰਦੀ ਕੀਤੀ ਗਈ ਤਾਂ ਜੋ ਵੱਡੀ ਗਿਣਤੀ ਵਿੱਚ ਪਿੰਡਾਂ 'ਚੋਂ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਦਿੱਲੀ ਮੋਰਚੇ 'ਤੇ ਭੇਜਿਆ ਜਾ ਸਕੇ।
ਉੱਥੇ ਹੀ ਆਗੂਆਂ ਨੇ ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੂੰ ਇਕਾਈਆਂ ਦੇ ਗਠਨ ਅਤੇ ਪਿੰਡਾਂ 'ਚੋਂ ਇਕੱਤਰ ਕੀਤੇ ਫੰਡਾਂ ਦਾ ਹਿਸਾਬ ਕਿਤਾਬ ਅਤੇ ਪੋਸਟਰ ਬਣਾ ਕੇ ਸੱਥਾਂ ਵਿੱਚ ਲਗਾਉਣ ਅਤੇ ਗੁਰੂ ਘਰਾਂ ਵਿੱਚ ਅਨਾਊਂਸਮੈਂਟ ਰਾਹੀਂ ਲੋਕਾਂ ਨੂੰ ਦੱਸਣ ਲਈ ਵੀ ਕਿਹਾ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਰਵੱਈਏ ਖ਼ਿਲਾਫ਼ ਅਤੇ ਕਿਸਾਨੀ ਸੰਘਰਸ਼ ਦੇ 26 ਮਈ ਨੂੰ ਛੇ ਮਹੀਨੇ ਪੂਰੇ ਹੋਣ 'ਤੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਥੇ ਹੀ ਉਨ੍ਹਾਂ ਕਿਹਾ ਕਿ 26 ਮਈ ਤੋਂ ਪਹਿਲਾਂ ਦਿੱਲੀ ਬਾਰਡਰਾਂ 'ਤੇ ਲੱਗੇ ਕਿਸਾਨੀ ਮੋਰਚਿਆਂ ਵਿੱਚ ਵੀ ਲਾਮਿਸਾਲ ਇਕੱਠ ਇਕੱਤਰ ਕੀਤਾ ਜਾਵੇਗਾ।