ਲੁਧਿਆਣਾ: ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਲੁਧਿਆਣਾ ਵਿੱਚ ਵੀ ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਬੀਤੇ ਦਿਨ ਕੋਰੋਨਾ ਵਾਇਰਸ ਦੇ 79 ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਬੀਤੇ ਦਿਨ ਲਾਈਵ ਹੋ ਕੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਧਰ ਲੋਕਾਂ ਨੂੰ ਮੁੜ ਤੋਂ ਲਾਕਡਾਊਨ ਲੱਗਣ ਦਾ ਡਰ ਸਤਾਉਣ ਲੱਗਾ ਹੈ। ਜਿਸ ਕਰਕੇ ਉਹ ਬਾਜ਼ਾਰਾਂ ਵਿੱਚ ਖਰੀਦਦਾਰੀ ਕਰ ਰਹੇ ਹਨ। ਦੁਕਾਨਦਾਰਾਂ ਨੇ ਕਿਹਾ ਕਿ ਬਾਜ਼ਾਰਾਂ ਵਿੱਚ ਭੀੜ ਹੈ ਕਿਉਂਕਿ ਲੋਕ ਜਾਗਰੂਕ ਨਹੀਂ।
ਈਟੀਵੀ ਭਾਰਤ ਦੀ ਟੀਮ ਵੱਲੋਂ ਜਦੋਂ ਲੁਧਿਆਣਾ ਦੇ ਸਭ ਤੋਂ ਭੀੜ ਭਾੜ ਵਾਲੇ 'ਚੌੜਾ ਬਾਜ਼ਾਰ" ਵਿੱਚ ਜਾਇਜ਼ਾ ਲਿਆ ਗਿਆ ਤਾਂ ਦੁਕਾਨਦਾਰਾਂ ਨੇ ਕਿਹਾ ਕਿ ਗਾਹਕ ਤਾਂ ਵੱਡੀ ਤਦਾਦ ਵਿੱਚ ਆ ਰਹੇ ਹਨ ਤੇ ਵੱਧ ਤੋਂ ਵੱਧ ਖ਼ਰੀਦਾਰੀ ਕਰ ਰਹੇ ਹਨ। ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਖ਼ਤੀ ਕਰ ਸਕਦੀ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਦੀ ਬਹੁਤ ਕਮੀ ਹੈ ਬਾਜ਼ਾਰਾਂ ਵਿੱਚ ਲੋਕ ਬਿਨਾਂ ਕਿਸੇ ਆਪਸੀ ਦਾਇਰਾ ਬਣਾਏ ਅਤੇ ਬਿਨਾਂ ਮਾਸਕ ਤੋਂ ਹੀ ਘੁੰਮ ਰਹੇ ਹਨ।