ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਬੀਤੇ ਇੱਕ ਹਫ਼ਤੇ ਤੋਂ ਲਗਾਤਾਰ ਕੱਚੇ ਮੁਲਾਜ਼ਮ ਯੂ ਜੀ ਸੀ ਪ੍ਰੋਫ਼ੈਸਰ ਧਰਨੇ ’ਤੇ ਬੈਠੇ ਹਨ। ਪ੍ਰਦਰਸ਼ਨਕਾਰੀਆਂ ਦੇ ਵੱਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ (Hunger strike over demands) ਕੀਤੀ ਹੋਈ ਹੈ ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਯੂਨੀਵਰਸਿਟੀ ਪ੍ਰਸ਼ਾਸਨ ਵੀ ਧਰਨਾਕਾਰੀ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਹੀਂ ਕਰ ਰਿਹਾ ਜਿਸ ਕਰਕੇ ਮਜਬੂਰੀਵਸ ਪ੍ਰੋਫੈਸਰ ਮਰਨ ਵਰਤ ’ਤੇ ਬੈਠ ਗਏ ਹਨ।
ਉੱਥੇ ਹੀ ਦੂਜੇ ਪਾਸੇ ਬੀਤੀ ਦੇਰ ਰਾਤ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਧਰਨੇ ’ਤੇ ਬੈਠੇ ਮੁਲਾਜ਼ਮਾਂ ਨੂੰ ਆਪਣਾ ਸਮਰਥਨ ਦੇਣ ਲਈ ਪਹੁੰਚੇ। ਇਸ ਦੌਰਾਨ ਦਲਜੀਤ ਚੀਮਾ ਨੇ ਸਰਕਾਰ ਨੂੰ ਵੀ ਖਰੀਆਂ ਖਰੀਆਂ ਸੁਣਾਈਆਂ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਸਾਰੇ ਸੂਬਿਆਂ ਦੇ ਵਿੱਚ ਯੂ ਜੀ ਸੀ ਸਕੇਲ ਲਾਗੂ ਹੋ ਚੁੱਕਾ ਹੈ ਤਾਂ ਪੰਜਾਬ ਸਰਕਾਰ ਹਾਲੇ ਤੱਕ ਇਸ ਨੂੰ ਲਾਗੂ ਕਰਨ ਚ ਨਾਕਾਮ ਕਿਉਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਾਜਬ ਹਨ ਜਿਸ ਨੂੰ ਤੁਰੰਤ ਸਰਕਾਰ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣ।