ਲੁਧਿਆਣਾ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ।
ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ :ਮੁੱਖ ਮੰਤਰੀ ਨੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ।
ਭ੍ਰਿਸ਼ਟ ਆਗੂ ਮਾਨਸਿਕ ਰੋਗੀ :ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।
ਇਹ ਵੀ ਪੜ੍ਹੋ :ਨਸ਼ਾ ਖਤਮ ਕਰਨ ਲਈ ਨਥੇਹਾ ਪਿੰਡ ਵਾਸੀ ਹੋਏ ਇੱਕਮੁੱਠ, ਨਸ਼ਾ ਤਸਕਰਾਂ ਖਿਲਾਫ਼ ਵਿੱਢਣਗੇ ਸੰਘਰਸ਼
ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸੀ ਅਗਵਾਈ ਹੇਠ ਸੂਬੇ ਦਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।