ਲੁਧਿਆਣਾ: ਪੰਜਾਬ ਸਰਕਾਰ ਦੇ ਮਿੰਨੀ ਲੌਕਡਾਊਨ ਦਾ ਵਿਰੋਧ ਦਿਨੋਂ ਦਿਨ ਤੇਜ ਹੁੰਦਾ ਜਾ ਰਿਹਾ ਹੈ। ਇਸ ਲੌਕਡਾਊਨ ਦੇ ਵਿਰੋਧ 'ਚ ਸਮਰਾਲਾ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦੇ ਹੋਏ ਥਾਣੇ ਬਾਹਰ ਧਰਨਾ ਦਿੱਤਾ ਗਿਆ ਅਤੇ ਆਪਣੀਆਂ ਚਾਬੀਆਂ ਪੁਲਸ ਨੂੰ ਸੌਂਪਦੇ ਹੋਏ ਦੁਕਾਨਾਂ ਪ੍ਰਸ਼ਾਸਨ ਨੂੰ ਖੁਦ ਚਲਾਉਣ ਦੀ ਗੱਲ ਆਖੀ। ਸੈਂਕੜੇ ਦੀ ਗਿਣਤੀ 'ਚ ਇਕੱਠੇ ਹੋਏ ਦੁਕਾਨਦਾਰਾਂ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਗ੍ਰਿਫਤਾਰੀਆਂ ਦੇਣ ਦਾ ਐਲਾਨ ਵੀ ਕੀਤਾ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਲੁਧਿਆਣਾ-ਚੰਡੀਗੜ੍ਹ ਹਾਈਵੇਅ 'ਤੇ ਧਰਨਾ ਲਗਾ ਕੇ ਆਵਾਜਾਈ ਵੀ ਜਾਮ ਕੀਤੀ ਗਈ।
ਇਸ ਸਬੰਧੀ ਸਾਬਕਾ ਵਿਧਾਇਕ ਦਾ ਕਹਿਣਾ ਕਿ ਉਨ੍ਹਾਂ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈਕੇ ਐੱਸ.ਡੀ.ਐੱਮ ਨੂੰ ਮੰਗ ਪੱਤਰ ਦਿੱਤਾ ਸੀ। ਇਸ ਮੌਕੇ ਪੁਲਿਸ ਵਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਕਈ ਦੁਕਾਨਦਾਰਾਂ ਦੇ ਨਾਲ-ਨਾਲ ਕਿਸਾਨ ਆਗੂਆਂ ਅਤੇ ਅਕਾਲੀ ਦਲ ਦੇ ਆਗੂਆਂ 'ਤੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਸੱਤਾਧਾਰੀ ਪਾਰਟੀ ਦੇ ਵਰਕਰਾਂ 'ਤੇ ਪਰਚਾ ਦਰਜ ਨਹੀਂ ਕੀਤਾ ਗਿਆ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।