ਖੰਨਾ: ਸੂਬੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਹੱਕ ਵਿੱਚ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਖੰਨਾ ਦੀ ਆਪ ਵਿੰਗ ਨੇ ਸਥਾਨਕ ਵਿਧਾਇਕ ਐਮਐਲਏ ਗੁਰਕੀਰਤ ਸਿੰਘ ਕੋਟਲੀ ਦਾ ਘਰ ਘੇਰਨ ਦੀ ਕੋਸ਼ਿਸ਼ ਕੀਤੀ ਗਈ।
ਵਿਧਾਇਕ ਦਾ ਘਰ ਘੇਰਨ ਜਾ ਰਹੇ ਆਗੂਆਂ ਨੂੰ ਰਾਹ ਵਿੱਚ ਪੁਲਿਸ ਨੇ ਡੱਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੜਕ 'ਤੇ ਹੀ ਬੈਠ ਕੇ ਸਰਕਾਰ ਵਿਰੁੱਧ ਧਰਨਾ ਦਿੱਤਾ ਅਤੇ ਜਮ ਕੇ ਸਰਕਾਰ ਦੀ ਮੁਖ਼ਾਲਫਤ ਕੀਤੀ।
ਸਰਕਾਰ ਭੰਗ ਕਰ ਲਾਗੂ ਕੀਤਾ ਜਾਵੇ ਰਾਸ਼ਟਰਪਤੀ ਰਾਜ ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਹੀ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਫੜ੍ਹੀਆਂ ਜਾ ਰਹੀਆਂ ਹਨ ਪਰ ਫਿਰ ਵੀ ਸੂਬਾ ਸਰਕਾਰ ਇਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਮਹਿਜ਼ ਖ਼ਾਨਾਪੂਰਤੀ ਕਰ ਰਹੀ ਹੈ।
ਇਸ ਦੌਰਾਨ ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਸਰਕਾਰ ਖ਼ੁਦ ਸ਼ਰਾਬ ਵਿਕਾਉਂਦੀ ਹੈ ਅਤੇ ਹਰ ਲੀਡਰ ਸ਼ਰਾਬ ਵੇਚ ਰਿਹਾ ਅਤੇ ਸੱਟਾ ਚਲਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਸੂਬੇ ਦੀ ਸਰਕਾਰ ਨੂੰ ਭੰਗ ਕਰ ਕੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਇਸ ਦੌਰਾਨ ਪ੍ਰਦਰਸ਼ਨ ਕਰਨ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਰਨ ਵਾਲਿਆਂ ਨੂੰ 50-50 ਲੱਖ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।