ਲੁਧਿਆਣਾ: ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਅੱਜ ਮਾਂ ਬੋਲੀ ਪੰਜਾਬੀ ਦਿਵਸ ਦੇ ਸਬੰਧ ਵਿੱਛ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ ਦੇ ਅਲੰਬਰਦਾਰਾਂ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਫਾਊਂਡੇਸ਼ਨ ਦੇ ਜਨਰਲ ਸਕੱਤਰ ਅਤੇ ਮੇਲਾ ਸੰਚਾਲਕ ਰਾਜੇਸ਼ ਕੁਮਾਰ ਲਵਲੀ ਨੇ ਪ੍ਰੋਫੈਸਰ ਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਪੰਜਾਬੀ ਭਾਸ਼ਾ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕਰਨ ਦੀ।
ਉਨ੍ਹਾਂ ਨੇ ਕਿਹਾ ਕਿ ਭਾਵੇਂ ਸਰਕਾਰਾਂ ਪੰਜਾਬੀ ਮਾਂ ਬੋਲੀ ਦੇ ਪ੍ਰਸਾਰ ਲਈ ਵੱਡੇ-ਵੱਡੇ ਦਾਅਵੇ ਤਾਂ ਕਰਦੀਆਂ ਨੇ ਪਰ ਅਸਲ ਚ ਜ਼ਮੀਨੀ ਪੱਧਰ ਤੇ ਇਸ ਦੀ ਸੱਚਾਈ ਕੁਝ ਹੋਰ ਹੀ ਹੈ। ਦਫ਼ਤਰੀ ਕੰਮਾਂ ਵਿੱਚ ਅੱਜ ਵੀ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬੀ ਮਾਂ ਬੋਲੀ ਨੂੰ ਨਾ ਸਿਰਫ਼ ਸਕੂਲਾਂ ਵਿੱਚ ਲਾਜ਼ਮੀ ਕਰਨ ਦੀ ਸਗੋਂ ਨਿੱਜੀ ਸਕੂਲਾਂ ਵਿੱਚ ਵੀ ਪੰਜਾਬੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਹੋਣਾ ਚਾਹੀਦਾ ਹੈ।