ਲੁਧਿਆਣਾ:ਜ਼ਿਲ੍ਹੇ 'ਚ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਅਸ਼ਵਨੀ ਜੈਨ ਨਾਂ ਦੇ ਵਪਾਰੀ 'ਤੇ ਉਸ ਦੀ ਜ਼ਮੀਨ ਹੜੱਪਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਸੁਖਵਿੰਦਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ 10 ਅਗਸਤ ਨੂੰ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਉਸ ਦਾ ਲੁਧਿਆਣਾ ਦੇ ਡੀਐੱਮਸੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਪਰ ਸ਼ਨੀਵਾਰ ਨੂੰ ਹਸਪਤਾਲ 'ਚ ਉਸ ਦੀ ਮੌਤ ਹੋ ਗਈ।
ਮਾਨਸਿਕ ਤੌਰ 'ਤੇ ਪ੍ਰੇਸ਼ਾਨ: ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸਾਨ ਸੁਖਵਿੰਦਰ ਸਿੰਘ ਆਪਣੀ ਜ਼ਮੀਨ ਨੂੰ ਲੈ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਹਨਾਂ ਨੇ ਕਿਹਾ ਕਿ ਵਪਾਰੀ ਅਸ਼ਵਨੀ ਜੈਨ ਨੇ ਮ੍ਰਿਤਕ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਆਪਣੇ ਨਾਂ ਕਰਵਾ ਲਈ ਸੀ ਤੇ ਇਹ ਸਭ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗਲਤ ਦਸਤਾਵੇਜ਼ ਤਿਆਰ ਕਰਕੇ ਸਾਰਾ ਕੰਮ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਸ਼ਵਨੀ ਜੈਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਿਸਾਨ ਜਥੇਬੰਦੀਆਂ ਨੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।