ਲੁਧਿਆਣਾ : ਰਾਏਕੋਟ ਵਿਖੇ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪਾਵਰਕਾਮ ਵੱਲੋਂ ਖੇਤਾਂ ਅਤੇ ਘਰੇਲੂ ਬਿਜਲੀ ਦੇ ਲਗਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟਾਂ ਖਿਲਾਫ ਰੋਸ਼ ਧਰਨਾ ਲਗਾਇਆ ਗਿਆ ਅਤੇ ਪਾਵਰਕਾਮ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਪਿਛਲੇ 10 ਦਿਨਾਂ ਤੋਂ ਲੱਗ ਰਹੇ ਵੱਡੇ-ਵੱਡੇ ਪਾਵਰ ਕੱਟਾਂ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ, ਉਥੇ ਹੀ ਹੁਣ ਘਰੇਲੂ ਸੈਕਟਰ ਵਿੱਚ ਵੀ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।