ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ੇ ਤੇ ਪੈਟਰੋਲ ਪੰਪ ਘੇਰਨ ਦੀ ਕੜੀ ਤਹਿਤ ਬੁੱਧਵਾਰ ਨੂੰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੂਰੇ ਭਾਰਤ ਦਾ ਮਹਿੰਗਾ ਟੋਲ ਪਲਾਜ਼ੇ ਨੂੰ ਘੇਰ ਕੇ ਬੰਦ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਘਿਰਾਉ ਹੁੰਦੇ ਵੇਖ ਕੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਇੱਕਦਮ ਹੱਥਾਂ-ਪੈਰਾਂ ਦੀ ਪੈ ਗਈ ਅਤੇ ਵੱਡੀ ਤਦਾਦ ਵਿੱਚ ਪੁਲਿਸ ਨੂੰ ਬੁਲਾਇਆ ਗਿਆ। ਕਿਸਾਨਾਂ ਨੇ ਘਿਰਾਉ ਦੌਰਾਨ ਆਉਣ-ਜਾਣ ਵਾਲੇ ਸਾਰੇ ਵਾਹਨਾਂ ਨੂੰ ਮੁਫ਼ਤ ਵਿੱਚ ਲੰਘਾਉਣਾ ਸ਼ੁਰੂ ਕਰ ਦਿੱਤਾ।
ਘਿਰਾਉ ਦੌਰਾਨ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ। ਇਸ ਲਈ ਲਾਡੋਵਾਲ ਟੋਲ ਪਲਾਜ਼ਾ, ਜੋ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਨੂੰ ਘੇਰਿਆ ਗਿਆ ਹੈ।