ਲੁਧਿਆਣਾ:ਬੀਤੇ ਦਿਨ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਹੋਏ ਝਗੜੇ ਦੇ ਸਬੰਧ 'ਚ ਦਲੀਪ ਰਾਣਾ ਉਰਫ਼ ਗ੍ਰੇਟ ਖਲੀ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਉਹ ਕੱਲ੍ਹ ਜਲੰਧਰ ਤੋਂ ਕਰਨਾਲ ਜਾ ਰਹੇ ਸੀ ਕਿ ਸਵੇਰੇ 9 ਵਜੇ ਦੇ ਕਰੀਬ ਟੋਲ ਪਲਾਜ਼ਾ 'ਤੇ ਕੁਝ ਲੋਕਾਂ ਨੇ ਜ਼ਬਰਦਸਤੀ ਉਨ੍ਹਾਂ ਨਾਲ ਤਸਵੀਰ ਖਿੱਚਣ ਦੀ ਕੋਸ਼ਿਸ਼ ਕੀਤੀ।
ਖਲੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਫੋਟੋ ਖਿਚਵਾਉਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਵੀਡੀਓ ਬਣਾਉਣ ਸਮੇਤ ਇਸ ਸਾਰੀ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਦਿਲੀਪ ਸਿੰਘ ਰਾਣਾ ਉਰਫ ਗ੍ਰੇਟ ਖਲੀ ਨੇ ਕਿਹਾ ਕਿ ਉਨ੍ਹਾਂ ਨਾਲ ਟੋਲ ਪਲਾਜ਼ਾ ਕਰਮੀਆਂ ਵੱਲੋਂ ਬਦਸਲੂਕੀ ਕੀਤੀ ਗਈ ਪਹਿਲਾਂ ਤਾਂ ਉਨ੍ਹਾਂ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਪਰ ਫਿਰ ਉਹ ਵੀਡੀਓ ਬਣਾਉਣ ਲੱਗੇ ਅਤੇ ਵੀਡੀਓ ਦੇ ਵਿਚ ਗਲਤ ਭਾਸ਼ਾ ਦਾ ਇਸਤੇਮਾਲ ਕਰਨ ਲੱਗੇ। ਖਲੀ ਨੇ ਪ੍ਰਸ਼ਾਸਨ ਤੋਂ ਟੋਲ ਪਲਾਜ਼ਾ ਦਾ ਲਾਇਸੈਂਸ ਰੱਦ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦੇ ਮੁਲਾਜ਼ਮਾਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ।