ਲੁਧਿਆਣਾ: ਜ਼ਿਮਨੀ ਚੋਣਾਂ ਨੂੰ ਲੈ ਕੇ ਮੁੱਲਾਂਪੁਰ ਦਾਖਾ 'ਚ ਵੱਡੇ-ਵੱਡੇ ਲੀਡਰ ਲਗਾਤਾਰ ਆਪਣੇ- ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਉੱਥੇ ਹੀ ਸ਼ਨਿੱਚਰਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡਾਂ ਵਿੱਚ ਜਾ ਕੇ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਸੂਬਾ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ: ਹਰਸਿਮਰਤ ਬਾਦਲ
ਜ਼ਿਮਨੀ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਲਾਂਪੁਰ ਦਾਖਾ ਪਹੁੰਚੀ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਨਾ ਮੰਨਣ ਦੇ ਇਲਜ਼ਾਮ ਲਾਏ।
ਹਰਸਿਮਰਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਮੰਨ ਵੀ ਨਹੀਂ ਰਹੀ, ਜਦ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣਾ ਸਾਰੇ ਸਿੱਖਾਂ ਦਾ ਫਰਜ਼ ਹੈ। ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਏਮਜ਼ ਨਾ ਚੱਲਣ ਦਾ ਮਾਮਲਾ ਵੀ ਉਨ੍ਹਾਂ ਕਾਂਗਰਸ ਦੇ ਸਿਰ ਪਾਉਂਦਿਆਂ ਕਿਹਾ ਕਿ ਕਾਂਗਰਸ ਏਮਜ਼ ਨਹੀਂ ਚੱਲਣ ਦੇ ਰਹੀ ਹੈ।
ਇਸ ਦੇ ਨਾਲ ਹੀ ਲਗਾਤਾਰ ਸਰਹੱਦੀ ਇਲਾਕਿਆਂ ਵਿੱਚ ਅਲਰਟ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਹੀ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਸੂਬਾ ਸਰਕਾਰ ਸਿਆਸਤ ਕਰ ਰਹੀ ਹੈ ਜਦ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਹਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਜਿੱਤ ਦਾ ਚਾਰਾਂ ਸੀਟਾਂ ਉੱਤੇ ਦਾਅਵਾ ਵੀ ਕੀਤਾ।