ਲੁਧਿਆਣਾ :ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਵਲੋਂ ਅੱਜ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਦੇ ਖਰਚਿਆਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸਲ ਵਿੱਚ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੇ ਪਹਿਲੇ ਸਾਲ ਨੂੰ ਹਨੀਮੂਨ ਪੀਰੀਅਡ ਕਿਹਾ ਜਾਂਦਾ ਹੈ, ਪਰ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਕਾਰਨ ਅਸੀਂ ਪਹਿਲੇ ਸਾਲ ਵਿੱਚ ਹੀ 17 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਦਯੋਗ ਦੇ ਖੇਤਰ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਸਿਹਤ ਖੇਤਰ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨਾ ਸਰਕਾਰ ਦਾ ਟੀਚਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਨਵੇਂ ਆਏ h3n2 ਵਾਇਰਸ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨ ਰਹਿਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਆਪਸ ਵਿੱਚ ਦੂਰੀ ਬਣਾਈ ਰੱਖਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਸੀਂ ਇਸ ਖੇਤਰ ਵਿੱਚ ਕੰਮ ਕਰ ਰਹੇ ਹਾਂ।
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਬੋਲੇ ਸਿਹਤ ਮੰਤਰੀ : ਹਾਲਾਂਕਿ ਜਦੋਂ ਇਸ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਖੁਦ ਇਸ ਮਾਮਲੇ ਨੂੰ ਵੇਖ ਰਹੇ ਹਨ। ਡਾ. ਬਲਬੀਰ ਸਿੰਘ ਨੇ ਇਹ ਜ਼ਰੂਰ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੀ ਜੋ ਵੀ ਇੰਟਰਵਿਊ ਹੋਈ ਹੈ, ਉਹ ਸਭ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਹੈ। ਇਸ ਮੌਕੇ ਸਿਹਤ ਮੰਤਰੀ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਗੱਲ ਵੀ ਕਹੀ।