ਲੁਧਿਆਣਾ: ਐਸਟੀਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਕੀਤੀ ਗਈ ਨਾਕੇਬੰਦੀ ਦੌਰਾਨ ਪਤੀ-ਪਤਨੀ ਨੂੰ 2 ਕਿੱਲੋ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੱਸ ਦਈਏ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਐਸਟੀਐਫ ਲੁਧਿਆਣਾ ਰੇਂਜ ਦੇ ਡੀਐਸਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਲੁਧਿਆਣਾ ਅਤੇ ਫਿਰੋਜ਼ਪੁਰ ਰੋਡ ਉੱਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਕਾਰ ਸਵਾਰ ਪਤੀ-ਪਤਨੀ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਅਪਰਾਧਿਕ ਮਾਮਲੇ ਦਰਜ: ਡੀਐੱਸਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਮਹਿਲਾ ਦੇ ਪਿਤਾ ਅਤੇ ਭਰਾ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਪਤੀ-ਪਤਨੀ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਕੀਤਾ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਕਿਸ-ਕਿਸ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਦੀ ਸ਼ਨਾਖਤ ਸੁਰੇਸ਼ ਕੁਮਾਰ ਅਤੇ ਉਸ ਦੀ ਪਤਨੀ ਮਨੀਸ਼ਾ ਵਜੋਂ ਹੋਈ ਹੈ ਅਤੇ ਇਹ ਜੇ ਬਲਾਕ ਨੇੜੇ ਦੇ ਦੋਵੇਂ ਵਸਨੀਕ ਹਨ ਅਤੇ ਮੁਲਜ਼ਮਾਂ ਨੂੰ ਵਰਨਾਂ ਕਾਰ ਵਿੱਚ ਗੁਪਤ ਸੂਚਨਾ ਦੇ ਅਧਾਰ ਉੱਤੇ ਜਦੋਂ ਰੋਕਿਆ ਗਿਆ ਤਾਂ ਉਸ ਵਿੱਚੋਂ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ।