ਲੁਧਿਆਣਾ: ਕਰੋਨਾ ਵਾਇਰਸ ਦੇ ਚੱਲਦਿਆਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਕਰਫਿਊ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਲੁਧਿਆਣਾ 'ਚ ਚੰਗਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਏਟੀਐੱਮ ਅਤੇ ਇੱਕ ਦੋ ਮੈਡੀਕਲ ਸਟੋਰਾਂ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਬੰਦ ਵਿਖਾਈ ਦਿੱਤੀਆਂ।
ਇਸ ਮੌਕੇ ਡੀਸੀਪੀ ਅਸ਼ਵਨੀ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖ਼ੌਫ਼ ਨੂੰ ਵੇਖਦਿਆਂ ਅੱਜ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਲੁਧਿਆਣਾ ਦੀ ਜਨਤਾ ਨੇ ਚੰਗਾ ਸਮਰਥਨ ਕੀਤਾ। ਡੀਸੀਪੀ ਦਾ ਕਹਿਣਾ ਹੈ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਸਾਰੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ 98 ਫੀਸਦੀ ਲੋਕ ਘਰ 'ਚ ਰਹਿ ਰਹੇ ਹਨ।
ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 300 ਤੋਂ ਪਾਰ ਹੋ ਚੁੱਕੀ ਹੈ ਅਤੇ ਪੰਜਾਬ 'ਚ ਵੀ ਕੋਰੋਨਾ ਦੇ 21 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਦੇ ਮੱਦੇਨਜ਼ਰ ਜਿੱਥੇ ਸਰਕਾਰ ਵੱਖ-ਵੱਖ ਕਦਮ ਚੁੱਕਦੀ ਵਿਖਾਈ ਦੇ ਰਹੀ ਹੈ ਉੱਥੇ ਹੀ ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਨੂੰ ਲੌਕਡਾਊਨ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧੇ ਨੂੰ ਵੇਖਦਿਆਂ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਰੋਜ਼ਾ ਜਨਤਾ ਕਰਫਿਊ ਦਾ ਐਲਾਨ ਕੀਤਾ। ਵਧੇਰੇ ਜਨਤਾ ਇਸ ਕਰਫਿਊ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਲੋੜ ਹੈ ਲੋਕਾਂ ਨੂੰ ਸਮਝਣ ਦੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਂ ਜੋ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।