ਲੁਧਿਆਣਾ:ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇੱਕਤਰਤਾ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ 24 ਘੰਟੇ ਅੰਦਰ ਛੱਡਣ ਅਤੇ ਉਨ੍ਹਾਂ ਉੱਤੇ ਲਗਾਏ ਗਏ ਐਕਟ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਹੁਣ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਰਾਜਨੀਤੀ ਨੂੰ ਧਰਮ ਤੋਂ ਵੱਖਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਅਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਕੰਮ ਕਰ ਰਹੀ ਹੈ ਇਸ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਬਹੁਤ ਹੀ ਸਤਿਕਾਰਯੋਗ ਹੈ ਇਸ ਲਈ ਉਨ੍ਹਾਂ ਨੂੰ ਸਰਕਾਰ ਜਾਂ ਕਾਨੂੰਨ ਨੂੰ ਅਲਟੀਮੇਟਮ ਦੇਣੇ ਨਹੀਂ ਸੋਭਦੇ।
ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹੋਣੇ ਚਾਹੀਦੇ ਹਨ:ਗੁਰਪ੍ਰੀਤ ਗੋਗੀ ਨੇ ਕਿਹਾ ਕਿ ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹੋਣੇ ਚਾਹੀਦੇ ਹਨ ਕਿਉਂਕਿ ਰਾਜਨੀਤੀ ਕਰਨਾ ਸਰਕਾਰਾਂ ਦਾ ਕੰਮ ਹੈ ਜਦੋਂ ਕਿ ਧਰਮ ਦਾ ਸਤਿਕਾਰ ਅਤੇ ਪ੍ਰਚਾਰ ਕਰਨਾ ਧਾਰਮਿਕ ਆਗੂਆਂ ਦਾ ਕੰਮ ਹੈ। ਗੁਰਪ੍ਰੀਤ ਗੋਗੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਨੂੰ ਇਕੱਠਿਆਂ ਨਹੀਂ ਕਰਨਾ ਚਾਹੀਦਾ। ਇਸ ਦੌਰਾਨ ਐੱਮਐੱਲਏ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਲੋਕਾਂ ਨੇ 92 ਵਿਧਾਇਕ ਜਿਤਾ ਕੇ ਵਿਸ਼ਵਾਸਸ ਜਤਾਇਆ ਹੈ ਉਸ ਵਿਸ਼ਵਾਸਸ ਨੂੰ ਕਿਸੇ ਵੀ ਹਾਲਤ ਵਿੱਚ ਟੁੱਟਣ ਨਹੀਂ ਦਿੱਤਾ ਜਾਵੇਗਾ।