ਲੁਧਿਆਣਾ:ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਲੁਧਿਆਣਾ ਵਿਖੇ ਇੱਕ ਨਿੱਜੀ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਉਹਨਾਂ ਨੇ ਕਿਹਾ ਕਿ (Health facilities) ਸਿਹਤ ਸੁਵਿਧਾਵਾਂ ਨੂੰ ਲੈ ਕੇ ਸੂਬਾ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ, ਉੱਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਲੈ ਕੇ ਉਹਨਾਂ ਕਿਹਾ ਕਿ ਅੱਜ ਸੂਬਾ ਪੱਧਰ ਦੀ ਬੈਠਕ ਸੱਦੀ ਗਈ ਹੈ, ਜਿਸ ਵਿੱਚ ਇਸ ਮੁੱਦੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ: ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸਾਡੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (National Health Mission) ਦੇ ਤਹਿਤ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਸਿਹਤ ਸੁਵਿਧਾਵਾਂ ਉੱਤੇ ਅਸਰ ਪੈ ਰਿਹਾ ਹੈ। ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਇਹ ਫੰਡ ਜਲਦ ਤੋਂ ਜਲਦ ਜਾਰੀ ਕਰੇ ਤਾਂ ਜੋ ਸਿਹਤ ਸਬੰਧੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਔਕੜ ਨਾ ਆਵੇ।