ਲੁਧਿਆਣਾ/ਖੰਨਾ:15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਸਾਲ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਜਾਵੇਗੀ। ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਜੰਗ ਵਿੱਢ ਦਿੱਤੀ ਹੈ। ਪੁਲਿਸ ਵੱਲੋਂ ਗਰਾਉਂਡ ਲੈਵਲ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸਐੱਸਪੀ ਅਮਨੀਤ ਕੌਂਡਲ ਖ਼ੁਦ ਪਿੰਡਾਂ ਵਿੱਚ ਪੁੱਜੇ। ਇੱਥੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਨਸ਼ਿਆਂ ਵਿਰੁੱਧ ਰਾਏ ਅਤੇ ਸੁਝਾਅ ਲਏ ਗਏ। ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਰਲ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਦਾ ਸੁਨੇਹਾ ਦਿੱਤਾ ਗਿਆ।
ਹੈਲਪਲਾਈਨ ਨੰਬਰ ਜਾਰੀ: ਦੂਜੇ ਪਾਸੇ ਇੱਕ ਹੈਲਪਲਾਈਨ ਨੰਬਰ 01628-292093 ਜਾਰੀ ਕੀਤਾ ਗਿਆ। ਇਹ ਨੰਬਰ 24 ਘੰਟੇ ਕੰਮ ਕਰੇਗਾ। ਪੁਲਿਸ ਮੁਲਾਜ਼ਮ ਇਸ ਨੰਬਰ ਰਾਹੀਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕਰਨਗੇ। ਐੱਸਐੱਸਪੀ ਅਮਨੀਤ ਕੌਂਡਲ ਨੇ ਪਿੰਡ ਰਸੂਲੜਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਕੋਵਿਡ ਵਾਂਗ ਫੈਲ ਰਿਹਾ ਹੈ। ਹਰ ਵਰਗ ਇਸ ਤੋਂ ਪ੍ਰਭਾਵਿਤ ਹੈ। ਪੰਜਾਬ ਨੂੰ ਬਰਬਾਦ ਕਰ ਰਹੇ ਇਨ੍ਹਾਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਨੂੰ ਸਹਿਯੋਗ ਕੀਤਾ ਜਾਵੇ। ਹਰ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾਣ। ਹੈਲਪਲਾਈਨ ਨੰਬਰ 'ਤੇ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰੋ।