ਰਾਏਕੋਟ: ਬੀਤੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵੱਲੋਂ ਸਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੀਤੇ ਹਮਲੇ ਦੌਰਾਨ ਕਵਰੇਜ ਕਰ ਰਹੇ ਪੱਤਰਕਾਰ ਰਮਨ ਕਸ਼ਯਪ ਦੀ ਹੱਤਿਆ ਦੇ ਰੋਸ ਵਜੋਂ ਰਾਏਕੋਟ ਦੇ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪੱਤਰਕਾਰਾਂ ਵਲੋਂ ਕੈਂਡਲ ਮਾਰਚ ਕਰਕੇ ਪੱਤਰਕਾਰ ਰਮਨ ਕਸ਼ਯਪ ਅਤੇ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਇਸ ਮੌਕੇ ਪ੍ਰੈੱਸ ਕਲੱਬ ਸਬ ਡਿਵੀਜ਼ਨ ਰਾਏਕੋਟ ਵੱਲੋਂ ਸਰਪ੍ਰਸਤ ਸੰਤੋਖ ਗਿੱਲ ਅਤੇ ਦਲਵਿੰਦਰ ਸਿੰਘ ਰਛੀਨ ਦੀ ਅਗਵਾਈ ਵਿੱਚ ਕੀਤੇ ਪ੍ਰਦਰਸ਼ਨ ਦਾ ਸੀਟੂ ਵਰਕਰਾਂ ਨੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਸਮੇਤ ਸਾਥ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੌਜੂਦਾ ਸਮੇਂ ਦੌਰਾਨ ਦੇਸ਼ 'ਚ ਪੱਤਰਕਾਰਾਂ 'ਤੇ ਹਮਲੇ ਕਾਫ਼ੀ ਵੱਧ ਗਏ ਹਨ, ਬਲਕਿ ਲਖੀਮਪੁਰ ਖੀਰੀ ਵਾਲੀ ਘਟਨਾ ਕਾਫ਼ੀ ਹਿਰਦੇਵੇਧਕ ਹੈ। ਜਿਸ ਦੌਰਾਨ ਜਾਲਮਾਨਾ ਤਰੀਕੇ ਨਾਲ ਬੇਕਸੂਰ ਕਿਸਾਨਾਂ ਤੇ ਪੱਤਰਕਾਰ ਰਮਨ ਕਸ਼ਯਪ ਨੂੰ ਬੁਰੀ ਤਰ੍ਹਾਂ ਕੁਚਲ ਕੇ ਕਤਲ ਕਰ ਦਿੱਤਾ ਗਿਆ।
ਉਨ੍ਹਾਂ ਪੱਤਰਕਾਰ ਰਮਨ ਕਸ਼ਯਪ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੱਤਰਕਾਰ ਨੂੰ ਕਤਲ ਕਰਨ ਵਾਲਿਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਨਾਲ ਹੀ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਦੇਸ਼ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।