ਖੰਨਾ: 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਐੱਸ. ਡੀ. ਐਮ. ਦਫ਼ਤਰ ਸਮਰਾਲਾ ਵਿਖੇ 101 ਨਵਜਾਤ ਕੁੜੀਆਂ ਦੀ ਲੋਹੜੀ ਮਨਾਈ ਗਈ। ਇਹ ਸਮਾਗਮ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹਾਜ਼ਰੀ ਭਰੀ।
ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਲੋਹੜੀ ਦੇ ਗੀਤ ਗਾਏ ਗਏ ਤੇ ਗਿੱਧਾ ਅਤੇ ਨਾਚ ਪ੍ਰੋਗਰਾਮ ਪੇਸ਼ ਕੀਤਾ ਗਿਆ। ਹਾਜ਼ਰੀਨ ਨੂੰ ਗੁੜ, ਰਿਓੜੀਆਂ, ਮੂੰਗਫਲੀ ਆਦਿ ਦੀ ਵੰਡ ਕੀਤੀ ਗਈ। ਨਵਜਾਤ ਬੱਚੀਆਂ ਨੂੰ ਬੇਬੀ ਸੂਟ ਕਿੱਟਾਂ ਅਤੇ ਹੋਰ ਸਮੱਗਰੀ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਢਿੱਲੋਂ ਤੇ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ, ਕਿ ਭਰੂਣ ਹੱਤਿਆ ਨੂੰ ਰੋਕ ਕੇ ਬੱਚੀਆਂ ਨੂੰ ਜਨਮ ਲੈਣ ਅਤੇ ਅੱਗੇ ਵਧਣ ਲਈ ਮੌਕੇ ਮੁਹੱਈਆ ਕਰਾਉਣ ਦੇ ਯਤਨ ਕੀਤੇ ਜਾਣ।
ਉਨ੍ਹਾਂ ਐੱਸ. ਡੀ. ਐੱਮ. ਦਫ਼ਤਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੇ ਗਏ ਇਸ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸਮਰਾਲਾ) ਜਸਪਾਲ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਨੀਰੂ ਕਤਿਆਲ ਗੁਪਤਾ, ਪ੍ਰੀਤਮਾ ਅਰੋੜਾ, ਜਗਮਿਲਾਪ ਸਿੰਘ ਖੁਸ਼ਦਿਲ, ਰਿਫੀ ਭੱਟੀ (ਤਿੰਨੇ ਜੱਜ), ਐੱਸਡੀਐੱਮ. ਮਿਸ ਗੀਤਿਕਾ ਸਿੰਘ, ਬਲਜਿੰਦਰ ਸਿੰਘ ਅਤੇ ਸੋਨਮ ਚੌਧਰੀ (ਦੋਵੇਂ ਪੀ. ਸੀ. ਐੱਸ.), ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਤੇ ਹੋਰ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।