ਲੁਧਿਆਣਾ :ਅੱਜ ਸ਼ਹਿਰ ਵਿਚ ਯੂਨਾਈਟਿਡ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਮੂਹ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਦਰਸ਼ਨਪਾਲ ਸਿੰਘ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਾਂ ਕਿ ਕਿਸਾਨ ਯੂਨੀਅਨਾਂ ਵੱਲ਼ੋਂ ਇੱਕ ਦਿਨ ਲਈ ਦਿੱਲੀ ਵਿੱਚ ਮਹਾਪੰਚਾਇਤ ਰੱਖੀ ਗਈ ਸੀ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ ਸੀ, ਆਖਰਕਾਰ ਕਿਸਾਨ ਯੂਨੀਅਨ ਦੇ ਦਬਾਅ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ 20 ਮਾਰਚ ਨੂੰ ਰਾਮਲੀਲ੍ਹਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਖੇਤੀ ਸਬੰਧੀ ਬਣੇ ਕਾਨੂੰਨ ਅਤੇ ਲਖੀਮਪੁਰ ਖੀਰੀ ਘਟਨਾ ਸਮੇਤ ਮੁੱਖ ਮੁੱਦਿਆਂ ਉਤੇ ਹੋਵੇਗੀ ਚਰਚਾ :ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਇੱਥੇ ਇਕੱਠੇ ਹੋਣਗੇ। 20 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਇਹ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਐਮਐਸਪੀ ਨਾਲ ਖੇਤੀ ਸਬੰਧੀ ਬਣੇ ਕਾਨੂੰਨ ਅਤੇ ਲਖੀਮਪੁਰ ਖੀਰੀ ਘਟਨਾ ਸਬੰਧੀ ਨਿਆਂ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਤੌਰ ਉਤੇ ਯੂਪੀ, ਹਰਿਆਣਾ ਅਤੇ ਹੋਰਨਾਂ ਸੂਬਿਆਂ ਤੋਂ ਵੀ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਇਸ ਪ੍ਰੋਗਰਾਮ ਵਿਚ ਹਾਜ਼ਰੀ ਭਰੀ ਜਾਵੇਗੀ।