ਖੰਨਾ: ਪੰਜਾਬ ਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਮੁਲਕ ਭਰ 'ਚ ਫੈਲੇ ਕੋਵਿਡ-19 ਦੋ ਪ੍ਰਕੋਪ ਦਰਮਿਆਨ ਸੂਬਾ ਤੇ ਕੇਂਦਰ ਸਰਕਾਰ ਰਬੀ ਦੀ ਫਸਲ ਦੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਦੌਰਾਨ ਈਟੀਵੀ ਭਾਰਤ ਦੀ ਟੀਮ ਨੇ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਦਾ ਜਾਇਜ਼ਾ ਲਿਆ, ਜਿੱਥੇ ਅੱਜ ਪਹਿਲੇ ਦਿਨ ਕਣਕ ਦੀ ਸਿਰਫ਼ ਇੱਕ ਹੀ ਟਰਾਲੀ ਪਹੁੰਚੀ ਹੈ।
ਮੰਡੀ ਸੁਪਰਵਾਈਜ਼ਰ ਦਾ ਕਹਿਣਾ ਸੀ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਪ੍ਰਬੰਧ ਪੂਰੇ ਹਨ। ਜਿੱਥੇ ਕਿਸਾਨ ਪ੍ਰਬੰਧਾਂ ਨੂੰ ਮੁਕੰਮਲ ਦੱਸ ਰਹੇ ਸਨ ਪਰ ਆੜ੍ਹਤੀਆਂ ਮੁਤਾਬਕ ਉਨ੍ਹਾਂ ਕੋਲ ਅਜੇ ਪਾਸ ਹੀ ਨਹੀਂ ਹੈ, ਜਿਸ ਕਾਰਨ ਸਮੱਸਿਆਵਾਂ ਆ ਰਹੀਆਂ ਹਨ। ਕੋਰੋਨਾ ਸੰਕਟ ਦੇ ਮੱਦੇਨਜ਼ਰ ਸੂਬੇ ਵਿੱਚ ਬੁੱਧਵਾਰ 15 ਅਪ੍ਰੈਲ 2020 ਤੋਂ ਰੱਬੀ ਸੀਜ਼ਨ 2020-21 ਦੀ ਫ਼ਸਲ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਪਈ ਖਾਲੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ।
ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੌਕਸ ਦੇ ਨਿਸ਼ਾਨ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।