ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਲ ਲੁਧਿਆਣਾ ਵਿਖੇ ਪਹੁੰਚ ਕੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਰਹੂਮ ਜਥੇਦਾਰ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਸਹਾਇਤਾ ਸਮੇਤ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕਾਂਗਰਸ ਉੱਤੇ ਇਲਜ਼ਾਮ:ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਰਜਕਾਲ ਦੌਰਾਨ ਪੁਲਿਸ ਵੱਲੋਂ ਜਥੇਦਾਰ ਕਾਉਂਕੇ ਦੇ ਅਗਵਾ ਕਰਕੇ ਤਸ਼ੱਦਦ ਕਰਨ ਮਗਰੋਂ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਤਲ ਮਗਰੋਂ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਹੀਂ ਮਿਲਿਆ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕਾਨੂੰਨੀ ਕਮੇਟੀ ਹਰ ਤਰ੍ਹਾਂ ਦਾ ਕੇਸ ਲੜੇਗੀ। ਜਗਰਾਓਂ ਦੇ ਪਿੰਡ ਕਾਉਂਕੇ ਵਿੱਚ ਦੇਰ ਰਾਤ ਉਹ ਪਰਿਵਾਰ ਨੂੰ ਮਿਲਣ ਲਈ ਪੁੱਜੇ ਸਨ। ਸੁਖਬੀਰ ਬਾਦਲ ਨੇ ਮਰਹੂਮ ਜਥੇਦਾਰ ਦੇ ਬੇਟੇ ਹਰੀ ਸਿੰਘ ਅਤੇ ਪਤਨੀ ਗੁਰਦੇਵ ਕੌਰ ਸਮੇਤ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਇਆ ਅਤੇ ਜਥੇਦਾਰ ਨੂੰ ਅਗਵਾ ਕਰਨ ਅਤੇ ਅੰਤ ਵਿੱਚ ਖਾਤਮੇ ਸਬੰਧੀ ਸਾਰੀ ਘਟਨਾ ਸੁਣੀ।