ਲੁਧਿਆਣਾ: ਇੱਕ ਪਾਸੇ ਜਿੱਥੇ ਸਰਕਾਰ ਕਰਫਿਊ ਦੌਰਾਨ ਮੰਡੀਆਂ ਵਿੱਚ ਪੂਰੇ ਪ੍ਰਬੰਧ ਹੋਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕਿਸਾਨਾਂ ਤੇ ਆੜ੍ਹਤੀਆਂ ਦੀ ਨਾਰਾਜ਼ਗੀ ਕੁੱਝ ਹੋਰ ਹੀ ਤਸਵੀਰ ਬਿਆਨ ਕਰ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਆੜ੍ਹਤੀਆਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਪਾਸ ਨਾ ਮਿਲਣ ਕਰਕੇ ਧਰਨਾ ਲਗਾਇਆ। ਉੱਥੇ ਹੀ ਇਸ ਸਮੇਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਖੜ੍ਹੀ ਰਹੀ।
ਆੜ੍ਹਤੀਆਂ ਨੇ ਕਿਹਾ ਕਿ ਪਾਸ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨ ਰਹੀ। ਉਨ੍ਹਾਂ ਨੇ ਸਰਕਾਰ ਵਿਰੁੱਧ ਪੱਖਪਾਤ ਕਰਨ ਦਾ ਵੀ ਦੋਸ਼ ਲਗਾਇਆ।
ਦੇਖਣ ਵਾਲੀ ਗੱਲ ਇਹ ਸੀ ਕਿ ਧਰਨੇ ਵਿੱਚ ਸੋਸ਼ਲ ਡਿਸਟੈਂਸ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਇੱਕ ਪਾਸੇ ਸਰਕਾਰ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ, ਉਧਰ ਦੂਜੇ ਪਾਸੇ ਆੜ੍ਹਤੀਆਂ ਨੇ ਹੀ ਇਕੱਠੇ ਹੋ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਕੇ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ।