ਲੁਧਿਆਣਾ: ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਭਾਜਪਾ ਦੀਆਂ ਮੁਸ਼ਕਿਲਾਂ ਵੀ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਲਗਾਤਾਰ ਕਿਸਾਨਾਂ ਦੇ ਵੱਲੋਂ ਭਾਜਪਾ ਆਗੂਆਂ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਟਰੇਡ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜਦੋਂ ਉਹਨਾਂ ਦੀ ਬੈਠਕ ਚੱਲ ਰਹੀ ਸੀ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦੀ ਇਸ ਬੈਠਕ ਦਾ ਵਿਰੋਧ ਕੀਤਾ ਗਿਆ।
ਇਸ ਦੌਰਾਨ ਕਿਸਾਨਾਂ ਨੇ ਸਾਫ਼ ਐਲਾਨ ਕੀਤਾ ਕਿ ਉਹ ਭਾਜਪਾ ਨੂੰ ਚੈਲੇਂਜ ਕਰਦੇ ਹਨ ਕਿ ਉਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਨਾਮਜ਼ਦਗੀ ਤੱਕ ਨਹੀਂ ਭਰਨ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੀ ਹੈ ਪਰ ਕਿਸਾਨ ਯੂਨੀਅਨਾਂ ਇਹ ਕਦੇ ਹੋਣ ਹੀ ਨਹੀਂ ਦੇਣਗੀਆਂ।
ਦੂਜੇ ਪਾਸੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਇਕ ਪੈਰਲਰ ਸਰਕਾਰ ਚੱਲ ਰਹੀ ਹੈ ਜੇਕਰ ਕਿਸਾਨਾਂ ਨੂੰ ਵਿਰੋਧ ਕਰਨ ਦਾ ਹੱਕ ਹੈ ਤਾਂ ਭਾਜਪਾ ਦੇ ਆਗੂਆਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਕਿਉਂ ਨਹੀਂ ਹੈ।