ਲੁਧਿਆਣਾ: ਨਿੱਜੀ ਟਰਾਂਸਪੋਰਟ ਮਾਫ਼ੀਆ ਦੇ ਖ਼ਿਲਾਫ਼ ਇੱਕਜੁੱਟ ਹੋਏ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਲੁਧਿਆਣਾ ਦੇ ਆਰਟੀਓ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਰੋਡਵੇਜ਼ ਦੇ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੁਫ਼ਤ ਵਿੱਚ ਅਸੀਂ ਲੋਕਾਂ ਦੀ ਸੇਵਾ ਕਰਦੇ ਰਹੇ ਅਤੇ ਜਦੋਂ ਹੁਣ ਬੱਸਾਂ ਦਾ ਕੰਮ ਚੱਲਣ ਲੱਗਿਆਂ ਤਾਂ ਸਰਕਾਰ ਵੱਲੋਂ ਨਿੱਜੀ ਬੱਸਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਨਿਜੀ ਟਰਾਂਸਪੋਰਟ ਮਾਫ਼ੀਆ ਦੇ ਖ਼ਿਲਾਫ਼ ਇੱਕਜੁੱਟ ਹੋਏ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਟਰਾਂਸਪੋਰਟ ਦੇ ਖ਼ਿਲਾਫ਼ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕਰਨ ਦਾ ਦਾਅਵਾ ਕੀਤਾ ਸੀ, ਪਰ ਉਹ ਦਾਅਵਾ ਫਿੱਕਾ ਨਿਕਲਿਆ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਲੁਧਿਆਣਾ ਬੱਸ ਸਟੈਂਡ ਬੰਦ ਕਰਨ ਦਾ ਯੂਨੀਅਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਨਿੱਜੀ ਟਰਾਂਸਪੋਰਟ ਮਾਫ਼ੀਆ ਜੰਮ ਕੇ ਲੋਕਾਂ ਦੀ ਲੁੱਟ ਖਸੁੱਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਨੂੰ ਦਿੱਲੀ ਪਹੁੰਚਾਉਣ ਲਈ ਹੀ ਹਜ਼ਾਰਾਂ ਰੁਪਏ ਕਿਰਾਇਆ ਵਸੂਲਿਆ ਗਿਆ, ਜਦੋਂਕਿ ਸਰਕਾਰੀ ਬੱਸਾਂ ਦਾ ਕਿਰਾਇਆ ਇਸ ਤੋਂ ਕਿਤੇ ਘੱਟ ਹੈ ਪਰ ਇਸਦੇ ਬਾਵਜੂਦ ਨਿੱਜੀ ਬੱਸਾਂ ਨੂੰ ਲਗਾਤਾਰ ਸ਼ਹਿ ਮਿਲ ਰਹੀ ਹੈ ਅਤੇ ਉਹ ਲੋਕਾਂ ਦੀ ਲੁੱਟ ਖਸੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਦੀਆਂ ਆਪਣੀਆਂ ਬੱਸਾਂ ਹਨ, ਇਸ ਕਰਕੇ ਇਨ੍ਹਾਂ ਨੂੰ ਨਹੀਂ ਰੋਕਿਆ ਜਾਂਦਾ।
ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੇ ਬਾਹਰ ਪ੍ਰਾਈਵੇਟ ਬੱਸ ਚਾਲਕਾਂ ਦਾ 1 ਵੱਖਰਾ ਹੀ ਬੱਸ ਸਟੈਂਡ ਬਣ ਗਿਆ ਹੈ, ਜਿਥੇ ਲਗਾਤਾਰ ਲੋਕਾਂ ਦੀ ਲੁੱਟ ਖਸੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਲੁਧਿਆਣਾ ਦਾ ਬੱਸ ਸਟੈਂਡ ਬੰਦ ਰੱਖਿਆ ਜਾਵੇਗਾ ਜਦੋਂਕਿ 2 ਤਰੀਕ ਨੂੰ ਟਰਾਂਸਪੋਰਟ ਮਾਫ਼ੀਆ ਦਾ ਪੁਤਲਾ ਫੂਕ ਕੇ ਭਾਰਤ ਨਗਰ ਚੌਕ ਜਾਮ ਲਾਇਆ ਜਾਵੇਗਾ।