ਹਰੀਸ਼ ਚੌਧਰੀ ਨੇ ਆਪ 'ਤੇ ਚੁੱਕੇ ਸਵਾਲ, ਕਿਹਾ-"ਪੰਜਾਬ ਸਰਕਾਰ ਅੰਮ੍ਰਿਤਪਾਲ ਮਾਮਲੇ ਦੀ ਸਕ੍ਰਿਪਟ ਰਾਈਟਰ" ਲੁਧਿਆਣਾ :ਪੰਜਾਬ ਕਾਂਗਰਸ ਦੀ ਅੱਜ ਲੁਧਿਆਣਾ ਵਿਖੇ ਅਹਿਮ ਬੈਠਕ ਹੋਈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹਰੀਸ਼ ਚੌਧਰੀ ਨੇ ਬੈਠਕ ਦੀ ਅਗਵਾਈ ਕੀਤੀ ਅਤੇ ਨਾਲ ਹੀ ਕਾਂਗਰਸ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਲੈ ਕੇ ਪੂਰੀ ਸਕ੍ਰਿਪਟ ਤਿਆਰ ਕੀਤੀ ਗਈ ਸੀ ਜਿਸ ਨੂੰ ਬਾਅਦ ਵਿਚ ਅਮਲੀ ਜਾਮਾ ਪਹਿਨਾਇਆ ਗਿਆ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪੂਰੀ ਸਾਜ਼ਿਸ਼ ਰਚੀ ਗਈ ਸੀ, ਜਿਸ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਪੂਰਾ ਸਾਥ ਦਿੱਤਾ ਹੈ।
ਆਉਂਦੇ ਦਿਨਾਂ ਵਿੱਚ ਕਾਂਗਰਸ ਖੋਲ੍ਹੇਗੀ ਮੋਰਚਾ :ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਅੱਜ ਮਾਲਵਾ ਜ਼ੋਨ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਕਾਂਗਰਸ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਮੋਰਚਾ ਖੋਲ੍ਹਿਆ ਜਾਵੇਗਾ ਅਤੇ ਰੋਸ ਵਜੋਂ ਕੇਂਦਰ ਸਰਕਾਰ ਖਿਲਾਫ ਇਕਜੁਟ ਹੋਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ :Court On Rape Accused: ਨਾਬਾਲਗ ਕੁੜੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜ਼ਾਹਰ ਕੀਤੀ ਹੈ। 'ਆਪ' ਸਰਕਾਰ 'ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੈ ਅਤੇ ਅੰਮ੍ਰਿਤਪਾਲ ਮਾਮਲੇ 'ਚ ਵੀ ਸਰਕਾਰ ਪੁਲਸ ਦੀ ਨਾਕਾਮੀ ਸਾਬਤ ਹੋਈ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਦਾਲ ਵਿੱਚ ਕੁਝ ਕਾਲਾ ਹੈ, ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਵੀ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿਉਂਕਿ ਕਿਸੇ ਵੀ ਧਰਮ ਬਾਰੇ ਅਜਿਹੀ ਬਿਆਨਬਾਜ਼ੀ ਕਰਨਾ ਅਤਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ :ਅਮਰੀਕਾ 'ਚ ਖਾਲਿਸਤਾਨੀ ਸਮਰਥਕਾਂ ਨੇ ਸੀਐੱਮ ਮਾਨ ਦੇ ਬੱਚਿਆਂ ਨੂੰ ਧਮਕਾਇਆ, ਘਿਰਾਓ ਕਰਨ ਲਈ ਮਤਾ ਕੀਤਾ ਪਾਸ
ਰਾਹੁਲ ਗਾਂਧੀ ਦੇ ਬਿਆਨ ਤੋੜ-ਮਰੋੜ ਕੇ ਕਰਵਾਈ ਮੈਂਬਰਸ਼ਿਪ ਰੱਦ :ਕਾਂਗਰਸੀ ਆਗੂ ਹਰੀਸ਼ ਚੌਧਰੀ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਿਸ ਵੀ ਵਿਅਕਤੀ ਦੇ ਬਿਆਨ ਤੋਂ ਘਬਰਾਉਂਦੇ ਹਨ, ਉਸੇ ਖ਼ਿਲਾਫ਼ ਕਾਰਵਾਈ ਹੋ ਜਾਂਦੀ ਹੈ, ਉਥੇ ਹੀ ਜੰਮੂ-ਕਸ਼ਮੀਰ 'ਚ ਵੀ ਕਈ ਅਜਿਹੇ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਲੋਕਾਂ ਖਿਲਾਫ ਦਿੱਲੀ 'ਚ ਕੇਸ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਉਹ ਨਿਰਾਸ਼ ਹਨ ਅਤੇ ਕਾਂਗਰਸ ਇਸ ਸਬੰਧੀ ਵੱਡੀ ਮੁਹਿੰਮ ਛੇੜਨ ਜਾ ਰਹੀ ਹੈ।