ਲੁਧਿਆਣਾ: 26 ਨਵੰਬਰ ਤੋਂ ਕਿਸਾਨ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਜਿਸ ਨੂੰ ਵੱਖ-ਵੱਖ ਸੰਸਥਾਵਾਂ ਦੇ ਨਾਲ-ਨਾਲ ਰੋਜ਼ਾਨਾ ਕਈ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ, ਉਥੇ ਹੀ ਸੋਮਵਾਰ ਲੁਧਿਆਣਾ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਵੀ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਦਿੱਤਾ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਜਲਾਉਂਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।
ਰੋਸ ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਹੱਥਾਂ ਵਿੱਚ ਕਿਸਾਨਾਂ ਦੇ ਹੱਕ ਵਿੱਚ ਲਿਖੇ ਵੱਖ-ਵੱਖ ਬੈਨਰ ਫੜੇ ਹੋਏ ਸਨ ਅਤੇ ਕਿਸਾਨਾਂ ਦੇ ਹੱਕ ਵਿੱਚ ਨਾਹਰੇਬਾਜ਼ੀ ਕੀਤੀ ਜਾ ਰਹੀ ਸੀ। ਛੋਟੇ-ਛੋਟੇ ਬੱਚੇ ਕਤਾਰਾਂ ਬਣਾ ਕੇ ਕਿਸਾਨਾਂ ਦਾ ਸਮਰਥਨ ਕਰਦੇ ਵਿਖਾਈ ਦਿੱਤੇ।