ਲੁਧਿਆਣਾ: ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ 'ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਕੁਦਰਤ ਦਾ ਸੰਕਲਪ' ਵਿਸ਼ੇ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
SGPC ਵੱਲੋਂ ਮਾਤਾ ਗੰਗਾ ਕਾਲਜ 'ਚ ਕਰਵਾਇਆ ਗਿਆ ਸੈਮੀਨਾਰ - SGPC ਵੱਲੋਂ ਕਰਵਾਇਆ ਗਿਆ ਸੈਮੀਨਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰੰਗ ਰੂਪ ਦੇ ਭੇਦਭਾਵ ਇਨਸਾਨ ਦੇ ਪੈਦਾ ਕੀਤੇ ਹੋਏ ਹਨ ਪ੍ਰਮਾਤਮਾ ਦੀ ਨਜ਼ਰ ਵਿੱਚ ਸਭ ਬਰਾਬਰ ਹਨ। ਉਨ੍ਹਾਂ ਨੇ ਕਿਹਾ ਕਿ ਔਰਤ ਸਮਾਜ ਦਾ ਉਹ ਧੁਰਾ ਹੈ ਜਿਸ ਦੇ ਆਲੇ-ਦੁਆਲੇ ਸਾਰਾ ਸਮਾਜ ਘੁੰਮਦਾ ਹੈ। ਉੱਥੇ ਹੀ ਮਾਤਾ ਗੰਗਾ ਕਾਲਜ ਦੇ ਪ੍ਰਿੰਸੀਪਲ ਡਾਕਟਰ ਕੁਲਦੀਪ ਕੌਰ ਧਾਲੀਵਾਲ ਨੇ ਕਿਹਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ ਜੋ ਅੱਜ ਤੋਂ 550 ਸਾਲ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਉਹ ਅੱਜ ਵਿਗਿਆਨ ਵੀ ਸਵੀਕਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਅੱਜ ਕਿਸੇ ਹੋਰ ਰਾਹੇ ਪੈ ਗਈ ਹੈ । ਹੋ ਰਹੀਆਂ ਖੁਦਕੁਸ਼ੀਆਂ ਸਮਾਜਿਕ ਵਾਤਾਵਰਨ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਕਈ ਥਾਵਾਂ ਵਿੱਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣਾ ਹੈ।