ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਵੱਲੋਂ ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਲੀਡ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਗਈ ਹੈ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈ ਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ।
ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜੋ ਵੱਡੇ-ਵੱਡੇ ਦਾਅਵੇ-ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਬਦਲਾਅ ਹੈ, ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ 6 ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ 6 ਲੱਖ ਤੋਂ ਵੱਧ ਵੋਟਾਂ ਪਈਆਂ ਸਨ, ਪਰ ਹੁਣ 2 ਲੱਖ ਰਹਿ ਗਈਆਂ ਹਨ।
ਇਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਆਪਣੀ ਹਾਰ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਸੰਗਰੂਰ ਜ਼ਿਮਨੀ ਚੋਣ ਲੜਨਾ ਹੀ ਨਹੀਂ ਚਾਹੁੰਦਾ ਸੀ, ਪਰ ਪੰਥਕ ਏਜੰਡੇ ਨੂੰ ਲੈ ਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਹੀ ਉਨ੍ਹਾਂ ਵੱਲੋਂ ਸਾਂਝੇ ਤੌਰ 'ਤੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇਕੋ ਹੀ ਏਜੰਡਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਤੇ ਉਸ 'ਤੇ ਉਹ ਲਗਾਤਾਰ ਕੰਮ ਕਰਦੇ ਰਹਿਣਗੇ।