ਲੁਧਿਆਣਾ: ਰਾਏਕੋਟ ਵਿਖੇ ਪੰਥਕ ਅਕਾਲੀ ਲਹਿਰ, ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਕਿਸਾਨ ਜੱਥੇਬੰਦੀਆਂ ਨੇ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ(ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਪੁਤਲਾ ਫੂਕਿਆ।
ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਆਗੂ ਲਖਵੰਤ ਸਿੰਘ ਦੋਬੁਰਜੀ, ਰਾਜਦੀਪ ਸਿੰਘ ਆਂਡਲੂ, ਗੁਰਮਿੰਦਰ ਸਿੰਘ ਅਤੇ ਸੋਹਣ ਸਿੰਘ ਤਾਜਪੁਰ ਨੇ ਸੰਬੋਧਨ ਕਰਦਿਆਂ ਆਖਿਆ ਕਿ 4 ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 328 ਸਰੂਪਾਂ ਦੇ ਗਾਇਬ ਹੋ ਗਏ ਸਨ ਪ੍ਰੰਤੂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਦਬਾਈ ਰੱਖਿਆ, ਪਰੰਤੂ ਹੁਣ ਰਿਪੋਰਟਾਂ ਆਉਣ ਤੋਂ ਬਾਅਦ ਸਭ ਕੁੱਝ ਸਾਹਮਣੇ ਹੈ। ਫਿਰ ਵੀ ਸ਼ੋ੍ਮਣੀ ਕਮੇਟੀ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।