ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਚੁੱਕਣਾ ਗ਼ਲਤ ਨਹੀਂ ਹੈ ਪਰ ਉਹ ਕਿਸ ਲਹਿਜ਼ੇ ਨਾਲ ਚੁੱਕਣੀ ਹੈ ਇਹ ਬਹੁਤ ਮਾਇਨੇ ਰੱਖਦੀ ਹੈ।
ਭਾਰਤ ਭੂਸ਼ਨ ਨੇ ਕਿਹਾ ਕਿ ਡਿਊਟੀ ਸਮੇਂ ਕਿਸੇ ਵੀ ਅਫ਼ਸਰ ਨਾਲ ਇਸ ਤਰ੍ਹਾਂ ਗੱਲਬਾਤ ਕਰਨਾ ਸ਼ੋਭਾ ਨਹੀਂ ਦਿੰਦਾ ਉਨ੍ਹਾਂ ਕਿਹਾ ਕਿ ਉਹ ਬੈਂਸ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਪਰ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਵਰਤਾਰਾ ਇੱਕ ਅਫ਼ਸਰ ਨਾਲ ਨਹੀਂ ਕਰਨਾ ਚਾਹੀਦਾ ਸੀ। ਇਸ ਦੇ ਨਾਲ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਵਿੱਚ ਸਿਆਸੀ ਬਦਲਾਖੋਰੀ ਵਾਲੀ ਕੋਈ ਵੀ ਗੱਲ ਨਹੀਂ।
ਦੱਸ ਦਈਏ ਕਿ ਬੀਤੇ ਦਿਨ ਬਟਾਲਾ ਪਟਾਕਾ ਫੈਕਟਰੀ ਹਾਦਸੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਆਗੂ 'ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਹੋਈ ਤਿੱਖੀ ਨੋਕ ਝੋਕ ਤੋਂ ਬਾਅਦ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।