ਲੁਧਿਆਣਾ: ਅਕਸਰ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਬੁੱਧਵਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਨੂੰ ਲੈ ਕੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੁੱਦੇ 'ਤੇ ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੰਗ ਪੱਤਰ ਵੀ ਦਿੱਤਾ ਗਿਆ ਸੀ।
ਪੰਜਾਬੀ ਜਾਨਾਂ ਦੇ ਸਕਦੇ ਨੇ ਪਰ ਪਾਣੀ ਨਹੀਂ: ਬੈਂਸ ਪ੍ਰੈਸ ਕਾਨਫ਼ਰੰਸ ਦੌਰਾਨ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਪਾਕਿਸਤਾਨ ਦੀ ਵੰਡ ਤੋਂ ਬਾਅਦ 2 ਦਰਿਆ ਹੀ ਬਚੇ ਸਨ ਅਤੇ ਜਿਨ੍ਹਾਂ ਚੋਂ ਰਾਜਸਥਾਨ ਅਤੇ ਦਿੱਲੀ ਨੂੰ ਪਹਿਲਾਂ ਹੀ ਪਾਣੀ ਦਿੱਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਹੁਣ ਹਰਿਆਣੇ ਨੂੰ ਦੇਣ ਲਈ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੇ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਰਿਹਾ ਹੈ। ਬੈਂਸ ਨੇ ਕਿਹਾ ਕਿ ਹੜ੍ਹਾਂ ਦਾ ਨੁਕਸਾਨ ਪੰਜਾਬ ਵਾਸੀ ਭੁਗਤਣ ਅਤੇ ਪਾਣੀ ਬਾਹਰਲੇ ਸੂਬਿਆਂ ਨੂੰ ਦਿੱਤਾ ਜਾਵੇ ਇਹ ਸਹੀ ਨਹੀਂ ਹੈ।
ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ 'ਤੇ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ। ਬੈਂਸ ਨੇ ਮੁੱਖ ਮੰਤਰੀ ਵੱਲੋਂ ਬੀਤੇ ਦਿਨੀਂ ਦਿੱਤੇ ਬਿਆਨ ਨਾਲ ਸਹਿਮਤੀ ਪ੍ਰਗਟਾਉਂਦਿਆਂ ਸ਼ਲਾਘਾ ਵੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਐਸਵਾਈਐਲ ਦਾ ਨਿਰਮਾਣ ਹੁੰਦਾ ਤਾਂ ਪੰਜਾਬ ਦੇ ਨਾਲ-ਨਾਲ ਦੇਸ਼ ਵਿੱਚ ਵੀ ਸਥਿਤੀ ਖ਼ਰਾਬ ਹੋਵੇਗੀ। ਬੈਂਸ ਨੇ ਕਿਹਾ ਕਿ ਪੰਜਾਬੀ ਜਾਨਾਂ ਦੇ ਸਕਦੇ ਹਨ ਪਰ ਪਾਣੀ ਦੀ ਇੱਕ ਵੀ ਬੂੰਦ ਨਹੀਂ ਦੇਣਗੇ।