ਲੁਧਿਆਣਾ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਲੁਧਿਆਣਾ ਦੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ 'ਚ ਜ਼ੇਰੇ ਇਲਾਜ ਕੋਰੋਨਾ ਤੋਂ ਪੌਜ਼ੀਟਿਵ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾ ਦਾ ਹਾਲ ਜਾਣਿਆ ਅਤੇ ਦੂਰੋਂ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਦਾ ਵੀ ਭਰੋਸਾ ਦਿੱਤਾ।
ਇਸ ਨਾਲ ਹੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਸਰਕਾਰ 'ਤੇ ਅਫ਼ਸਰਸ਼ਾਹੀ ਭਾਰੀ ਹੈ। ਮੁੱਖ ਮੰਤਰੀ ਕੈਪਟਨ ਖੁਦ ਅਫ਼ਸਰਾਂ ਦੀ ਹੀ ਸੁਣਦੇ ਹਨ ਅਤੇ ਉਨ੍ਹਾਂ ਦੇ ਕੈਬਿਨੇਟ ਵਜ਼ੀਰ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਦੀ ਕੋਈ ਨਹੀਂ ਸੁਣਦਾ।
ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਹਸਪਤਾਲ 'ਚ ਮਰੀਜ਼ਾਂ ਦਾ ਹਾਲ ਜਾਣਨ ਆਏ ਹਨ ਕਿਉਂਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਸਹੀ ਤਰ੍ਹਾਂ ਡੀਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਿਮਾਰੀ ਤੋਂ ਬਚਣ ਦੀ ਲੋੜ ਹੈ ਨਾ ਕਿ ਬਿਮਾਰਾਂ ਤੋਂ, ਬੈਂਸ ਨੇ ਕਿਹਾ ਕਿ ਉਹ ਇੱਥੇ ਮਰੀਜ਼ਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਪਹੁੰਚੇ।