ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਲੁਧਿਆਣਾ ਦੇ ਬਹੁ-ਚਰਚਿਤ ਹਸਪਤਾਲ ਦਿਆਨੰਦ ਮੈਡੀਕਲ ਕਾਲਜ ਪਹੁੰਚੇ, ਜਿੱਥੇ ਉਨ੍ਹਾਂ ਕੋਰੋਨਾ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਬੈਂਸ ਨੇ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਦੇ ਜੱਦੀ ਹਲਕੇ ਪਟਿਆਲਾ ਦੇ ਵਿੱਚ ਸਥਿਤ ਸਰਕਾਰੀ ਹਸਪਤਾਲ ਰਾਜਿੰਦਰਾ ਦਾ ਵੀ ਦੌਰਾ ਕਰਨਗੇ ਅਤੇ ਉੱਥੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ, ਕਿਉਂਕਿ ਉਥੋਂ ਉਨ੍ਹਾਂ ਨੂੰ ਕਾਫੀ ਜ਼ਿਆਦਾ ਸ਼ਿਕਾਇਤਾਂ ਮਿਲ ਰਹੀਆਂ ਹਨ।
ਬੈਂਸ ਨੇ ਕਿਹਾ ਕਿ ਕੋਰੋਨਾ ਨੂੰ ਹਊਆ ਬਣਾ ਕੇ ਸਿਆਸੀ ਲੀਡਰ ਆਪਣੀਆਂ ਰੋਟੀਆਂ ਸੇਕ ਰਹੇ ਹਨ। ਬੈਂਸ ਨੇ ਕਿਹਾ ਕਿ ਡੀਐਮਸੀ ਕੋਈ ਕਿਸੇ ਦੇ ਬਾਪ ਦੀ ਜਗੀਰ ਨਹੀਂ ਹੈ ਸਗੋਂ ਇਹ ਚੈਰੀਟੇਬਲ ਹਸਪਤਾਲ ਹੈ ਪਰ ਇੱਥੇ ਹੁਣ ਲੁੱਟ ਮਚਾਈ ਜਾ ਰਹੀ ਹੈ, ਜਿਸ ਦੀਆਂ ਸ਼ਿਕਾਇਤਾਂ ਲਗਾਤਾਰ ਉਨ੍ਹਾਂ ਨੂੰ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਸ ਬਾਬਤ ਉਹ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਪਹੁੰਚੇ।
ਇਸ ਦੌਰਾਨ ਡੀਐਮਸੀ ਹਸਪਤਾਲ ਬਾਹਰ ਪਹੁੰਚੇ ਬੈਂਸ ਅਤੇ ਉਨ੍ਹਾਂ ਦੇ ਸਮਰਥਕ ਬਿਨਾਂ ਮਾਸਕ ਹੀ ਹਸਪਤਾਲ ਦੇ ਅੰਦਰ ਆ ਗਏ, ਸਿਮਰਜੀਤ ਬੈਂਸ ਦੇ ਮਾਸਕ ਨਾ ਲਾਉਣ ਸਬੰਧੀ ਜਦੋਂ ਏਸੀਪੀ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਨਿਯਮ ਮੁਤਾਬਕ ਇਨ੍ਹਾਂ ਖਿਲਾਫ਼ ਕਾਰਵਾਈ ਹੋਵੇਗੀ।