ਲੁਧਿਆਣਾ: ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦੀ ਕੀਤੀ ਗਈ ਹੈ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵਲੋਂ ਵੱਡੇ ਪੱਧਰ 'ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੁਣ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਕੈਪਟਨ ਸੰਦੀਪ ਸੰਧੂ 'ਤੇ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
ਦਰਅਸਲ ਵਿਜੀਲੈਂਸ ਵਿਭਾਗ ਨੇ ਸੋਲਰ ਲਾਈਟ ਟੈਂਡਰ ਘੁਟਾਲੇ 'ਚ ਐਫ.ਆਈ.ਆਰ ਦੇ ਵਿੱਚ ਕੈਪਟਨ ਸੰਦੀਪ ਸੰਧੂ ਨੂੰ ਵੀ ਨਾਮਜ਼ਦ ਕਰ ਲਿਆ ਹੈ। ਲੁਧਿਆਣਾ ਵਿਜੀਲੈਂਸ ਰੇਂਜ ਦੇ ਐਸ.ਐਸ.ਪੀ ਰਵਿੰਦਰਪਾਲ ਸਿੰਘ ਸੰਧੂ ਵਲੋਂ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਘੁਟਾਲੇ ਸਬੰਧੀ ਪਹਿਲਾਂ ਹੀ ਐਫ.ਆਈ.ਆਰ ਦਰਜ ਸੀ, ਜਿਸ ਵਿਚ ਹੁਣ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ।
ਕੈਪਟਨ ਸੰਦੀਪ ਸੰਧੂ 'ਤੇ ਕਾਰਵਾਈ ਕਰਨ ਦੀ ਤਿਆਰੀ 'ਚ ਵਿਜੀਲੈਂਸ ਇਸ ਦੇ ਨਾਲ ਹੀ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸੋਲਰ ਲਾਈਟ ਟੈਂਡਰ ਘੁਟਾਲੇ 'ਚ ਪਹਿਲਾਂ ਹੀ ਸਿੱਧਵਾਂ ਬੇਟ ਦੇ ਬੀਡੀਪੀਓ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਖਿਲਾਫ਼ ਕਾਰਵਾਈ ਚੱਲ ਰਹੀ ਹੈ।
ਹਾਲਾਂਕਿ ਐਸ.ਐਸ.ਪੀ ਵਿਜੀਲੈਂਸ ਲੁਧਿਆਣਾ ਰੇਜ ਨੇ ਇਸ ਸਬੰਧੀ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰਦਿਆਂ ਇਸ ਦੀ ਪੁਸ਼ਟੀ ਜ਼ਰੂਰ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਸਾਡੇ ਵੱਲੋਂ ਟੀਮਾਂ ਦਾ ਗਠਨ ਕਰਕੇ ਜਲਦ ਹੀ ਛਾਪੇਮਾਰੀਆਂ ਕੀਤੀਆ ਜਾਣਗੀਆਂ। ਜ਼ਿਕਰਯੋਗ ਹੈ ਕਿ ਇਸ ਨਾਲ ਸੰਦੀਪ ਸੰਧੂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਉਧਰ ਇਸ ਸਬੰਧੀ ਜਦੋਂ ਕੈਪਟਨ ਸੰਦੀਪ ਸੰਧੂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਬੰਦ ਆਇਆ।
ਇਹ ਹੈ ਪੂਰਾ ਮਾਮਲਾ: ਦੱਸ ਦਈਏ ਕਿ ਇਹ ਸਾਰਾ ਮਾਮਲਾ 26 ਪਿੰਡਾਂ 'ਚ ਸੋਲਰ ਲਾਈਟਾਂ ਲਾਉਣ ਦੇ ਨਾਂਅ 'ਤੇ 65 ਲੱਖ ਰੁਪਏ ਦੇ ਘਪਲੇ ਦਾ ਦੱਸਿਆ ਜਾ ਰਿਹਾ ਹੈ। ਸੋਲਰ ਲਾਈਟਾਂ ਦੇ ਵਿੱਚ ਕੀਮਤਾਂ ਦੇ ਵੱਡੇ ਫ਼ਰਕ ਅਤੇ ਆਪਣੇ ਕਰੀਬੀਆਂ ਤੋਂ ਇਹ ਲਾਈਟਾਂ ਖਰੀਦਣ ਦਾ ਇਹ ਪੂਰਾ ਮਾਮਲਾ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਜਾਂਚ ਨੰਬਰ 03 ਮਿਤੀ 12-07-2022 ਦੀ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀ.ਡੀ.ਪੀ.ਓ. (ਹੁਣ ਮੁਅੱਤਲ) ਨੂੰ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਪ੍ਰਾਪਤ ਹੋਈ ਸੀ। ਫੰਡਾਂ ਵਿੱਚ ਹੇਰਾਫੇਰੀ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭੁਗਤ ਜ਼ਰੀਏ 3325 ਰੁਪਏ ਦੇ ਪ੍ਰਵਾਨਿਤ ਰੇਟ ਦੇ ਮੁਕਾਬਲੇ ਜਾਣਬੁੱਝ ਕੇ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਇਹ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਦਾ ਘਪਲਾ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਸੀ।
ਇਹ ਵੀ ਪੜ੍ਹੋ:ਕੈਲਫੋਰਨੀਆ ਵਿੱਚ ਪੰਜਾਬੀ ਪਰਿਵਾਰ ਅਗਵਾ,ਗੰਨ ਪੁਆਇਟ ਉੱਤੇ ਅਣਪਛਾਤਿਆਂ ਨੇ ਕੀਤਾ ਅਗਵਾ