ਲੁਧਿਆਣਾ:ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸ ਯੂਨੀਵਰਸਿਟੀ ਵੱਲੋਂ ਅੱਜ ਸਲਾਨਾ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਉੱਤੇ ਲੱਗੇ ਇਲਜ਼ਮਾਂ ਬਾਰੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਉੱਤੇ ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਪੂਰੀ ਜਾਣਕਾਰੀ ਲੈਣਗੇ। ਉਸ ਤੋਂ ਬਾਅਦ ਹੀ ਉਹ ਕੋਈ ਜਾਣਕਾਰੀ ਦੇ ਸਕਦੇ ਹਨ। ਉੱਥੇ ਹੀ ਟਰਾਂਸਪੋਰਟ ਮੰਤਰੀ ਵੀ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ। ਪੰਜਾਬ ਵਿੱਚ ਕੁਝ ਨੌਜਵਾਨਾਂ 'ਤੇ ਐੱਨਐੱਸਏ ਲਗਾਏ ਜਾਣ ਬਾਰੇ ਪੁੱਛੇ ਜਾਣ 'ਤੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਸੀਂ ਇਸ ਬਾਰੇ ਸਬੰਧਤ ਵਿਭਾਗ ਨਾਲ ਗੱਲ ਕਰਾਂਗੇ।
ਪਸ਼ੂ ਪਾਲਣ ਸਹਾਇਕ ਧੰਦਾ:ਕਨਵੋਕੇਸ਼ਨ ਬਾਰੇ ਬੋਲਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਇੱਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਖੇਤੀ ਦੇ ਨਾਲ-ਨਾਲ ਡੇਅਰੀ ਦਾ ਧੰਦਾ ਕਰਨਾ ਚਾਹੀਦਾ ਹੈ। ਇਹ ਸਹਾਇਕ ਧੰਦਾ ਹੈ ਜਿਸ ਵਿੱਚ ਕਿਸਾਨ ਰੋਜ਼ਾਨਾ ਕਮਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਇਹ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਹਾਇਕ ਧੰਦੇ ਨੂੰ ਅਪਣਾਉਣ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਯੂਨੀਵਰਸਿਟੀ ਵਿੱਚ ਕੋਰਸ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ, ਜਿਨ੍ਹਾਂ ਲਈ ਇੱਥੇ ਰੁਜ਼ਗਾਰ ਦੇ ਮੌਕੇ ਮੁਹੱਈਆ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰ ਰਹੀ ਹੈ। ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ ਅਤੇ ਅਸੀਂ ਇਸ 'ਤੇ ਲਗਾਤਾਰ ਕੰਮ ਕਰ ਰਹੇ ਹਾਂ।