ਲੁਧਿਆਣਾ:ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪ੍ਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।
ਸਿੰਗਲ ਕਲਿੱਕ 'ਤੇ ਮਿਲੇਗੀ ਜਾਣਕਾਰੀ:ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ।
ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਦੀ ਜਾਣਕਾਰੀ: ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।