ਲੁਧਿਆਣਾ: ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਲੁਧਿਆਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਡਿਸਪੈਂਸਰੀ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਲੁਧਿਆਣਾ ਦੇ ਵਿੱਚ ਹੋਏ ਗੈਸ ਲੀਕ ਮਾਮਲੇ ਉੱਤੇ ਆਪਣੀ ਤਿੱਖੀ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਇਸ ਮਾਮਲੇ ਦੇ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ ਜਦੋਂ ਕਿ ਇਸ ਹਾਦਸੇ ਦੇ ਵਿੱਚ 11 ਲੋਕਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਸ ਕਿਸੇ ਦੀ ਵੀ ਗਲਤੀ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਵਾਪਰੀ ਹੈ ਇਸ ਦੀ ਡੂੰਘਾਈ ਨਾਲ ਜਾਂਚ ਹੋਵੇ।
ਭਾਜਪਾ ਦੀ ਇੱਕ ਪਾਸੜ ਜਿੱਤ:ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਮਰਪਿਤ ਕੀਤੇ ਜਾ ਰਹੇ ਮੁਹੱਲਾ ਕਲੀਨਿਕ ਨੂੰ ਲੈ ਕੇ ਵੀ ਉਹਨਾਂ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਦਿੱਲੀ ਦੇ ਵਿੱਚ ਮਹੱਲਾ ਕਲੀਨਿਕਾਂ ਦੀ ਬੇਹੱਦ ਖਸਤਾ ਹਾਲਤ ਹੈ। ਇਸ ਸਬੰਧੀ ਜਰੂਰ ਹਲਾਤਾਂ ਦਾ ਇਕ ਵਾਰ ਜਾਇਜ਼ਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸੁਵਿਧਾ ਨਹੀਂ ਹੈ, ਦਿੱਲੀ ਦੇ ਵਿੱਚ ਇਹ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਿਸਟਮ ਪੰਜਾਬ ਦੇ ਵਿੱਚ ਬੇਵਜ੍ਹਾ ਲਾਗੂ ਕੀਤਾ ਜਾ ਰਿਹਾ ਹੈ, ਲੋਕ ਇਸ ਨੂੰ ਜਾਣਦੇ ਹਨ ਅਤੇ ਇਸ ਸਬੰਧੀ ਲੋਕੀ ਜਵਾਬ ਦੇਣਗੇ ਕਿਉਂਕਿ ਆਮ ਆਦਮੀ ਪਾਰਟੀ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਲੋਕਾਂ ਨਾਲ ਕਰ ਰਹੀ ਹੈ। ਜਲੰਧਰ ਦੇ ਵਿੱਚ ਹੋ ਰਹੀ ਜ਼ਿਮਨੀ ਚੋਣਾਂ ਸਬੰਧੀ ਵੀ ਉਨ੍ਹਾਂ ਕਿਹਾ ਕਿ ਭਾਜਪਾ ਦੀ ਇੱਕ ਪਾਸੜ ਜਿੱਤ ਹੋਵੇਗੀ।