ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਾਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਸਾਬਕਾ ਫੌਜੀ ਹਨ। ਜਦਕਿ ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ।
ਜੱਦੀ ਜ਼ਮੀਨ ਵੇਚਣ 'ਤੇ ਸਰਕਾਰੀ ਨੋਟਿਸ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਇਨ੍ਹਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ।
ਮੁਲਜ਼ਮਾਂ ਨੇ 50 ਲੱਖ ਦੀ ਕੀਤੀ ਸੀ ਮੰਗ:ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਜਿਸ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਡਰ ਦੇ ਕਾਰਨ ਉਹ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕ ਦਸਤਖ਼ਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਪ੍ਰਾਪਤ ਹੋਣ 'ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ।